ਮੁਕੇਰੀਆਂ (ਪੱਤਰ ਪ੍ਰੇਰਕ): ਗੜ੍ਹਦੀਵਾਲਾ ਨੇੜਲੇ ਪਿੰਡ ਖਾਨਪੁਰ ਦੇ 33 ਸਾਲਾ ਵਿਅਕਤੀ ਦੀ ਦੁਬਈ ਵਿੱਚ ਇੱਕ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਲਖਵਿੰਦਰ ਸਿੰਘ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ। ਕੁਝ ਦਿਨ ਪਹਿਲਾਂ ਹੀ ਲਖਵਿੰਦਰ ਸਿੰਘ ਨੇ ਫੋਨ ’ਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਸ ਨੂੰ ਦੁਬਈ ਦਾ ਡਰਾਈਵਿੰਗ ਲਾਇਸੈਂਸ ਮਿਲ ਗਿਆ ਹੈ। ਬੀਤੀ ਸ਼ਾਮ ਉਨ੍ਹਾਂ ਨੂੰ ਖ਼ਬਰ ਮਿਲੀ ਕਿ ਲਖਵਿੰਦਰ ਸਿੰਘ ਦੀ ਦੁਬਈ ਵਿੱਚ ਇਕ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਸਿੰਘ ਨਾਲ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕਰਵਾਈ ਜਾਵੇ ਅਤੇ ਉਸ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਵਿੱਚ ਸਹਿਯੋਗ ਕੀਤਾ ਜਾਵੇ।