ਪੱਤਰ ਪ੍ਰੇਰਕ
ਮਾਨਸਾ, 22 ਸਤੰਬਰ
ਮਾਨਸਾ ਸ਼ਹਿਰ ਦੀ ਇੱਕ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ ’ਤੇ ਇੱਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਲੜਕੀ ਸ਼ਹਿਰ ’ਚ ਮੈਡੀਕਲ ਸਟੋਰ ਚਲਾਉਣ ਵਾਲੇ ਗੁਰਪ੍ਰੀਤ ਸਿੰਘ ਨਾਲ ਪ੍ਰੇਮ ਸਬੰਧਾਂ ਵਿੱਚ ਸੀ ਤੇ ਦੋਵਾਂ ਦਾ ਕਈ ਵਾਰ ਤਕਰਾਰ ਵੀ ਹੋਇਆ। ਜਦੋਂ ਲੜਕੀ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਪਹਿਲਾਂ ਤੋਂ ਵਿਆਹ ਹੋਇਆ ਹੈ ਤਾਂ ਉਹ ਇਸ ਧੋਖੇ ਨੂੰ ਬਰਦਾਸ਼ਤ ਨਹੀਂ ਕਰ ਸਕੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਕੱਲ੍ਹ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ-2 ਮਾਨਸਾ ਦੇ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਬਿਆਨਾਂ ’ਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਠੂਠਿਆਂਵਾਲੀ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਦਾ ਸੋਮਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ।