ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਮੰਗਾਂ ਦੀ ਪ੍ਰਾਪਤੀ ਲਈ ਕੰਪਿਊਟਰ ਅਧਿਆਪਕਾਂ ਵੱਲੋਂ ਇੱਥੇ ਡੀਸੀ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ 24ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖੜਕੜ ਕਲਾਂ ਵਿੱਚ ਸੂਬਾ ਪੱਧਰੀ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਗਿਆ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਪਰਮਵੀਰ ਸਿੰਘ ਪੰਮੀ, ਜੌਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਨਰਦੀਪ ਸ਼ਰਮਾ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ ਅਤੇ ਰਜਵੰਤ ਕੌਰ ਨੇ ਦੱਸਿਆ ਕਿ 1 ਸਤੰਬਰ ਤੋਂ ਉਹ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ ਪਰ ਸਰਕਾਰ ਵੱਲੋਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਉਹ ਮੰਗਾਂ ਨੂੰ ਲੈ ਕੇ ਪਿਛਲੇ 19 ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕਿਸੇ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਲਗਪਗ 30 ਵਾਰ ਉਨ੍ਹਾਂ ਨੂੰ ਮੀਟਿੰਗ ਦਾ ਸਮਾਂ ਦੇ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੇ ਕੰਪਿਊਟਰ ਅਧਿਆਪਕਾਂ ਨਾਲ ਇੱਕ ਵਾਰ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਖਟਕੜ ਕਲਾਂ ਵਿੱਚ ਸੂਬਾ ਪੱਧਰੀ ਮਹਾਂ ਰੈਲੀ ਦੌਰਾਨ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਨਾਲ ਸ਼ਾਮਲ ਹੋਣਗੇ।