ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਸਤੰਬਰ
ਪਾਲਿਸੀ ਰਿਕਾਰਡ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਦੀ ਟੀਮ ਨੇ ਇੱਕ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਨਗਰ ਨਿਗਮ ਦੇ ਦੋ ਕਲਰਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਿਗਮ ਦੇ ਜ਼ੋਨ ਏ ਦੇ ਕਲਰਕ ਅਜੈ ਕੁਮਾਰ ਅਤੇ ਜ਼ੋਨ ਸੀ ਦੇ ਕਲਰਕ ਲਖਵੀਰ ਸਿੰਘ ਲੱਕੀ ਵਜੋਂ ਹੋਈ ਹੈ। ਵਿਜੀਲੈਂਸ ਨੇ ਇਨ੍ਹਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦੋਵਾਂ ਨੂੰ ਭਲਕੇ ਸ਼ਨਿੱਚਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22 ਜਨਵਰੀ 2010 ਨੂੰ ਲੁਧਿਆਣਾ ਦੇ ਗਿੱਲ ਰੋਡ ਸਥਿਤ ਖੋਖਾ ਮਾਰਕੀਟ ਅਤੇ ਫਿਰੋਜ਼ ਗਾਂਧੀ ਮਾਰਕੀਟ ਦੇ ਕਾਰ ਬਾਜ਼ਾਰ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਸਾਲ 2010 ਵਿੱਚ ਨਿਗਮ ਲੁਧਿਆਣਾ ਦੇ ਤਤਕਾਲੀ ਕਮਿਸ਼ਨਰ ਅਤੇ ਕਮੇਟੀ ਨੇ ਸਕੂਟਰ ਮਾਰਕੀਟ ਅਤੇ ਖੋਖਾ ਮਾਰਕੀਟ ਨੂੰ ਤਬਦੀਲ ਕਰਨ ਬਾਰੇ ਕੁਝ ਸੁਝਾਅ ਦਿੱਤੇ ਸਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਤੋਂ ਤਿੰਨ ਸਤੰਬਰ ਨੂੰ ਅਸਲ ਫ਼ਾਈਲ ਦੇ ਗੁੰਮ ਹੋਣ ਸਬੰਧੀ ਰਿਪੋਰਟ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਲਰਕ ਲਖਵੀਰ ਸਿੰਘ ਨੇ ਦੱਸਿਆ ਕਿ ਅਸਲ ਫਾਈਲ ਕਲਰਕ ਰੌਣੀ ਨੂੰ ਦਿੱਤੀ ਗਈ ਸੀ। ਕਲਰਕ ਰੌਣੀ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਤਹਿ ਬਾਜ਼ਾਰੀ ਬ੍ਰਾਂਚ ਦੇ ਲਖਵੀਰ ਸਿੰਘ ਅਤੇ ਲਾਅ ਬ੍ਰਾਂਚ ਦੇ ਅਜੈ ਕੁਮਾਰ ਨਾਮਕ ਦੋ ਕਲਰਕਾਂ ਨੂੰ ਨੀਤੀ ਸਬੰਧੀ ਰਿਕਾਰਡ ਗੁੰਮ ਕਰਨ ਸਬੰਧੀ ਮੁਲਜ਼ਮ ਪਾਇਆ ਗਿਆ ਅਤੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਨਿਗਮ ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।