ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਸਤੰਬਰ
ਮੰਡੀਆਂ ਵਿੱਚ ਬਾਸਮਤੀ ਤੇ ਝੋਨੇ ਦਾ ਘੱਟ ਰੇਟ ਮਿਲਣ ਕਾਰਨ ਨਾਰਾਜ਼ ਕਿਸਾਨਾਂ ਵੱਲੋਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਰੋਸ ਵਿਖਾਵਾ ਕੀਤਾ ਗਿਆ। ਰੋਸ ਵਿੱਚ ਆਏ ਕਿਸਾਨਾਂ ਨੇ ਸ਼ਹਿਰ ਦੀਆਂ ਸੜਕਾਂ ’ਤੇ ਬਾਸਮਤੀ ਖਿਲਾਰ ਦਿੱਤੀ। ਇਸ ਤੋਂ ਪਹਿਲਾਂ ਡੀਸੀ ਦਫਤਰ ਅੱਗੇ ਬਾਸਮਤੀ ਦੇ ਢੇਰ ਲਗਾ ਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਜਥੇਬੰਦੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਪਹਿਲਾਂ ਕਿਸਾਨ ਡੀਸੀ ਦਫਤਰ ਪੁੱਜੇ ਜਿੱਥੇ ਉਨ੍ਹਾਂ ਆਪਣੇ ਨਾਲ ਲਿਆਂਦੀ ਬਾਸਮਤੀ ਦੇ ਢੇਰ ਲਾ ਦਿੱਤੇ। ਪ੍ਰਦਰਸ਼ਨਕਾਰੀਆਂ ਨੇ ਫਸਲ ਦਾ ਘੱਟ ਰੇਟ ਮਿਲਣ ਦਾ ਦੋਸ਼ ਲਾਉਂਦਿਆਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਦੀ ਬਾਸਮਤੀ ਅੱਧੇ ਮੁੱਲ ’ਤੇ ਖਰੀਦੀ ਜਾ ਰਹੀ ਹੈ। ਬਾਸਮਤੀ ਦੀਆਂ ਕਿਸਮ 1692 ਅਤੇ 1509 ਦਾ ਰੇਟ 2000 ਤੋਂ 2400 ਰੁਪਏ ਪ੍ਰਤੀ ਕੁਇੰਟਲ ਤੱਕ ਮਿਲ ਰਿਹਾ ਹੈ ਅਤੇ ਕੁਝ ਕਿਸਾਨਾਂ ਦੀ ਫ਼ਸਲ 1800 ਰੁਪਏ ਤੱਕ ਵੀ ਵਿਕੀ ਹੈ ਜਦਕਿ ਪਿਛਲੇ ਸਾਲ ਇਸੇ ਫਸਲ ਦਾ ਰੇਟ 3500-4000 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਕਾਰਨ ਹਰ ਕਿਸਾਨ ਨੂੰ ਵੱਡਾ ਘਾਟਾ ਪੈ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਕਹਿਣਾ ਸੀ ਕਿ ਜੇ ਬਾਸਮਤੀ ਦਾ ਰੇਟ 3200 ਰੁਪਏ ਤੋਂ ਘਟੇਗਾ ਤਾਂ ਇਹ ਘਾਟਾ ਪੰਜਾਬ ਸਰਕਾਰ ਪੂਰਾ ਕਰੇਗੀ ਪਰ ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਚੁੱਪ ਬੈਠੀ ਹੈ ਅਤੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ ਜਿਸ ਕਾਰਨ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਆ ਸਲੂਕ ਕਰ ਰਹੀ ਹੈ ਅਤੇ ਪੰਜਾਬ ਦੀ ਬਾਸਮਤੀ ਨੂੰ ਰੋਲਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਬਲਵਿੰਦਰ ਸਿੰਘ ਬਿੰਦੂ, ਬਾਜ਼ ਸਿੰਘ ਸਾਰੰਗੜਾ, ਸਕੱਤਰ ਸਿੰਘ ਕੋਟਲਾ, ਗੁਰਦੇਵ ਸਿੰਘ ਗੱਗੋਮਾਹਲ, ਕੁਲਜੀਤ ਸਿੰਘ ਕਾਲੇ, ਮੰਗਜੀਤ ਸਿੰਘ ਸਿੱਧਵਾਂ, ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਹੋਰ ਕਿਸਾਨ ਤੇ ਮਜ਼ਦੂਰ ਮੌਜੂਦ ਸਨ।
ਜ਼ਿਲ੍ਹਾ ਗੁਰਦਾਸਪੁਰ ਵਿੱਚ ਪ੍ਰਦਰਸ਼ਨ ਭਲਕੇ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਕਿਹਾ ਕਿ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ ਕਿਸਾਨ ਦੀ ਕਿਰਤ ਦੀ ਲੁੱਟ ਨੂੰ ਰੋਕਣ ਤੇ ਫ਼ਸਲਾਂ ਦੀ ਖਰੀਦ ਯਕੀਨੀ ਬਣਾਉਣ ਲਈ ਐੱਮਐੱਸਪੀ ਲਈ ਗਾਰੰਟੀ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਇਸ ਲੁੱਟ ਨੂੰ ਰੋਕੇ। ਇਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 30 ਸਤੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਲੋਕਾਂ ਨੂੰ ਉਨ੍ਹਾਂ ਦੇ ਸੁਫ਼ਨਿਆਂ ਦਾ ਦੇਸ਼ ਉਸਾਰਨ ਲਈ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ।