ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਅਕਤੂਬਰ
ਪਿੰਡ ਮਲਕਪੁਰ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਪ੍ਰਕਾਸ਼ ਸਿੰਘ ਦੇ ਨਿਰਦੇਸ਼ਾਂ ਤਹਿਤ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਧਰਤੀ ਨੂੰ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦੇ ਦੱਸੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ, ਉੱਥੇ ਹੀ ਮਿੱਟੀ ਵਿੱਚ ਉਪਜਾਊ ਕੀਟਨਾਸ਼ਕ ਜੀਵ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਦੀਆਂ ਨਸਲਾਂ ਲਈ ਜ਼ਮੀਨਦੋਜ਼ ਪਾਣੀ ਅਤੇ ਸਾਹ ਲੈਣ ਲਈ ਸਾਫ਼ ਹਵਾ ਛੱਡ ਕੇ ਜਾਣਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਅਤੇ ਸਾਨੂੰ ਇਸ ਦਿਸ਼ਾ ਵਿੱਚ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਸਮੱਸਿਆ ਦੇ ਹੱਲ ਲਈ ਆਪਣੇ ਸਰਕਲ ਨਾਲ ਸਬੰਧਤ ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕਰਨ। ਇਸ ਮੌਕੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਇੰਦਰਜੀਤ ਸਿੰਘ, ਦਲਵਿੰਦਰ ਸਿੰਘ, ਅਵਤਾਰ ਸਿੰਘ, ਰਣਧੀਰ ਸਿੰਘ, ਦਲਜੀਤ ਕੌਰ, ਗੁਰਦੀਪ ਸਿੰਘ, ਸਰਬਜੀਤ ਕੌਰ ਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ।