ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 6 ਅਕਤੂਬਰ
ਮੁਹਾਲੀ ਵਿੱਚ ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਹੁਕਮਾਂ ਅਤੇ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਜ਼ਿਲ੍ਹਾ ਟਰੈਫ਼ਿਕ ਪੁਲੀਸ ਨੇ ਡਰਿੰਕ ਡਰਾਈਵ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਮੁਹਾਲੀ ਦੇ ਐੱਸਪੀ (ਟਰੈਫ਼ਿਕ) ਹਰਿੰਦਰ ਸਿੰਘ ਮਾਨ ਅਤੇ ਡੀਐਸਪੀ (ਟਰੈਫ਼ਿਕ) ਕਰਨੈਲ ਸਿੰਘ ਦੀ ਅਗਵਾਈ ਹੇਠ ਟਰੈਫ਼ਿਕ ਪੁਲੀਸ ਦੇ ਵੱਖ-ਵੱਖ ਇੰਚਾਰਜਾਂ ਨੇ ਸ਼ਹਿਰ ਦੇ ਵੱਖੋ-ਵੱਖ ਇਲਾਕਿਆਂ ਵਿੱਚ ਲੰਘੀ ਰਾਤ ‘ਡਰਿੰਕ ਐਂਡ ਡਰਾਈਵ’ ਤਹਿਤ ਨਾਕਾਬੰਦੀ ਕਰਕੇ ਸ਼ਰਾਬ ਪੀਕੇ ਗੱਡੀ ਚਲਾਉਣ ਵਾਲੇ 53 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਅੱਜ ਇੱਥੇ ਡੀਐਸਪੀ ਕਰਨੈਲ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ। ਸ਼ਰਾਬ ਪੀਕੇ ਵਾਹਨ ਚਲਾਉਣ ਜਾਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।