ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਕਤੂਬਰ
ਦਿੱਲੀ ਦੇ ਮਹਿਰੌਲੀ ਖੇਤਰ ਦੇ ਪਿੰਡ ਕਿਸ਼ਨਗੜ੍ਹ ਦੇ ਵਸਨੀਕਾਂ ਨੇ ਲੰਬੇ ਸਮੇਂ ਤੋਂ ਸੀਵਰੇਜ ਦਾ ਪਾਣੀ ਸੜਕਾਂ ’ਤੇ ਖੜ੍ਹਨ ਕਾਰਨ ਪ੍ਰਦਰਸ਼ਨ ਕੀਤਾ। ਸਥਾਨਕ ਅਧਿਕਾਰੀਆਂ ਅਤੇ ਦਿੱਲੀ ਸਰਕਾਰ ਦੀ ਨਾਕਾਮੀ ਤੋਂ ਨਿਰਾਸ਼ ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਸਾਬਕਾ ਮੁੱਖ ਮੰਤਰੀ ਅਰਵਿੰਦ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਲੋਕਾਂ ਨੇ ਦਿੱਲੀ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ ਕਰਨ ਦੀ ਆਲੋਚਨਾ ਕੀਤੀ। ਲੋਕਾਂ ਨੇ ਦੱਸਿਆ ਕਿ ਜਿੱਥੇ ਉਨ੍ਹਾਂ ਨੂੰ ਗੰਦੇ ਪਾਣੀ ਕਾਰਨ ਘਰਾਂ ਦੇ ਅੰਦਰ ਹੀ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉਥੇ ਹੀ ਸੀਵਰੇਜ ਦੇ ਗੰਦੇ ਪਾਣੀ ਕਾਰਨ ਕੁਝ ਵਾਸੀ ਬਿਮਾਰ ਵੀ ਹੋ ਰਹੇ ਹਨ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ।