ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਅਕਤੂਬਰ
ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੱਲੋਂ ਅੱਜ ਇਥੇ ਸਰਕਾਰੀ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਬਾਰੀਕੀ ਨਾਲ ਜਾਣਿਆ ਅਤੇ ਓਪੀਡੀ ਸੇਵਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੀ ਹਾਜ਼ਰੀ ਰਜਿਸਟਰ ਨੂੰ ਵੀ ਚੈੱਕ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਇਸ ਹਸਪਤਾਲ ਵਿੱਚ ਆਮ ਮਰੀਜ਼ਾਂ ਤੋਂ ਇਲਾਵਾ ਐਮਰਜੈਂਸੀ ਕੇਸ ਵੀ ਵੱਡੀ ਗਿਣਤੀ ਵਿੱਚ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਹਨ, ਪਰ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਦੀ ਘਾਟ ਜਲਦੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਸਪਤਾਲ ਵਿੱਚ ਮਰੀਜ਼ਾਂ ਦੇ ਬੈਠਣ ਲਈ ਕੁਰਸੀਆਂ, ਬਿਜਲੀ ਅਤੇ ਸੈਨੀਟੇਸ਼ਨ ਦੀ ਮੁਰੰਮਤ ਆਦਿ ਕੰਮ ਤੁਰੰਤ ਕਰਨ ਲਈ ਹਦਾਇਤਾਂ ਵੀ ਦਿੱਤੀਆਂ ਹਨ। ਇਸ ਮੌਕੇ ਐੱਸਐੱਮਓ ਡਾ. ਵਿਨੋਦ ਕੁਮਾਰ, ਡਾ. ਵਿਕਰਮਪਾਲ ਸਿੰਘ, ਡਾ. ਹਰਸਿਮਰਨ ਕੌਰ ਅਤੇ ਸਟਾਫ ਹਾਜ਼ਰ ਸੀ।