ਖੇਤਰੀ ਪ੍ਰਤੀਨਿਧ
ਪਟਿਆਲਾ, 9 ਅਕਤੂਬਰ
ਪਾਤੜਾਂ ਦੇ ਡੀਐੱਸਪੀ ਦੇ ਨਾਮ ’ਤੇ 25 ਹਜ਼ਾਰ ਰੁਪਏ ਕਥਿਤ ਰਿਸ਼ਵਤ ਲੈਂਦਿਆਂ ਅਜਾਇਬ ਸਿੰਘ ਮੱਲ੍ਹੀ ਨਾਮ ਦੇ ਰਾਜਸੀ ਆਗੂ ਨੂੰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਦੇ ਪਟਿਆਲਾ ਸਥਿਤ ਥਾਣੇ ’ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਾਤੜਾਂ ਵਿੱਚ ਨੂਰਮਹਿਲ ਨਾਮੀ ਹੋਟਲ ਚਲਾਉਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ ਨੇ ਡੀਐੱਸਪੀ ਪਾਤੜਾਂ ਦੇ ਨਾਮ ’ਤੇ ਉਸ ਤੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।