ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 9 ਅਕਤੂਬਰ
ਇੱਥੋਂ ਨੇੜਲੇ ਪਿੰਡ ਹਰੀ ਨੌ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਹਰੀ ਨੌ ਵਜੋਂ ਹੋਈ ਹੈ। ਉਹ ਪਿਛਲੇ ਸਮੇਂ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿੱਚ ਸਰਗਰਮੀ ਨਾਲ ਕੰਮ ਕਰਦਾ ਰਿਹਾ ਹੈ। ਸ਼ਾਮ ਕਰੀਬ ਸਾਢੇ 6 ਵਜੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਪਿੰਡ ਦੇ ਲੋਕਾਂ ਨੂੰ ਗੁਰਪ੍ਰੀਤ ਦਾ ਸੋਸ਼ਲ ਮੀਡੀਆ ਖਾਤਾ ਵਿਖਾ ਕੇ ਉਸ ਦਾ ਘਰ ਪੁੱਛਿਆ। ਇਸ ਦੌਰਾਨ ਗੁਰਪ੍ਰੀਤ ਨੂੰ ਸਾਹਮਣਿਓਂ ਆਉਂਦਾ ਦੇਖ ਉਨ੍ਹਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਜ਼ਖ਼ਮੀ ਹੋ ਗਿਆ। ਪਿੰਡ ਵਾਸੀਆਂ ਨੇ ਉਸ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੋਂ ਉੁਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਤੇ ਉਥੇ ਉਸ ਦੀ ਮੌਤ ਹੋ ਗਈ। ਥਾਣਾ ਸਦਰ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।