ਪੱਤਰ ਪ੍ਰੇਰਕ
ਕਾਲਾਂਵਾਲੀ, 14 ਅਕਤੂਬਰ
ਹਲਕਾ ਕਾਲਾਂਵਾਲੀ ਦੇ ਪਿੰਡ ਚੱਤਰਗੜ੍ਹਪੱਟੀ ਦੇ ਪੰਚਮੁਖੀ ਮੰਦਰ ਨੇੜੇ ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਹਸਪਤਾਲ ’ਚ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਰਮੇਸ਼ ਕੁਮਾਰ ਵਾਸੀ ਢਾਣੀ ਚਾਂਦਮਾਰੀ ਨੇ ਦੱਸਿਆ ਕਿ ਕ੍ਰਿਸ਼ਨਾ ਦੇਵੀ (70) ਰਿਸ਼ਤੇ ’ਚੋਂ ਉਸ ਦੀ ਦਾਦੀ ਲੱਗਦੀ ਸੀ, ਪਰ ਉਸ ਦੀ ਕੋਈ ਔਲਾਦ ਨਹੀਂ ਸੀ। ਉਹ ਇਕੱਲੀ ਰਹਿੰਦੀ ਸੀ ਅਤੇ ਉਹ ਉਸ ਦੀ ਦੇਖਭਾਲ ਕਰਦਾ ਸੀ। ਉਸ ਨੇ ਦੱਸਿਆ ਕਿ 13 ਅਕਤੂਬਰ ਦੀ ਸਵੇਰ ਨੂੰ ਉਹ ਪੰਚਮੁਖੀ ਮੰਦਰ ਨੇੜੇ ਦੁਕਾਨ ਦੇ ਬਾਹਰ ਖੜ੍ਹਾ ਸੀ। ਉਸ ਦੀ ਦਾਦੀ ਸੜਕ ਪਾਰ ਕਰ ਰਹੀ ਸੀ।
ਇਸ ਦੌਰਾਨ ਸਿਰਸਾ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਦਾਦੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੇ ਆਪਣੀ ਦਾਦੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਹਸਪਤਾਲ ਪਹੁੰਚਾਇਆ। ਇਸ ਮਗਰੋਂ ਬਾਅਦ ’ਚ ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਨੂੰ ਛੇਤੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਹੱਰ ਪੱਖ ਤੋਂ ਜਾਂਚ ਕਰ ਰਹੀ ਹੈ।