ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਅਕਤੂਬਰ
ਗੁਰਪੁਰਬ ਦੇ ਮੌਕੇ ਅੱਜ ਇੱਕ ਵਿਅਕਤੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰੋਵਰ ’ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਮੌਕੇ ’ਤੇ ਹਾਜ਼ਰ ਸੰਗਤ ਤੇ ਮੁਲਾਜ਼ਮਾਂ ਨੇ ਉਸ ਨੂੰ ਬਚਾਅ ਲਿਆ। ਇਹ ਕਦਮ ਚੁੱਕਣ ਵਾਲੇ ਵਿਅਕਤੀ ਦੀ ਸ਼ਨਾਖਤ ਬਲਵਿੰਦਰ ਸਿੰਘ ਵਾਸੀ ਵਰਪਾਲ ਵਜੋਂ ਦੱਸੀ ਗਈ ਹੈ, ਜਿਸ ਦੀ ਉਮਰ 55 ਤੋਂ 60 ਸਾਲ ਦੇ ਵਿਚਾਲੇ ਹੈ। ਅੱਜ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ ਜਿਸ ਦੌਰਾਨ ਬਲਵਿੰਦਰ ਸਿੰਘ ਨੇ ਸਰੋਵਰ ’ਚ ਛਾਲ ਮਾਰ ਦਿੱਤੀ। ਸੰਗਤ ਵੱਲੋਂ ਰੌਲਾ ਪਾਉਣ ’ਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਉਸ ਨੂੰ ਸਰੋਵਰ ’ਚੋਂ ਬਾਹਰ ਕੱਢਿਆ। ਮੁੱਢਲੀ ਸਹਾਇਤਾ ਮਗਰੋਂ ਉਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।