ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ
ਗਿੱਦੜਬਾਹਾ ਤੋਂ ਕਾਂਗਰਸ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਅਕਾਲੀ ਦਲ ਕਿਸੇ ਵੱਡੇ ਆਗੂ ਨੂੰ ਉਮੀਦਵਾਰ ਐਲਾਨੇ ਜਾਣ ਦੇ ਰੌਂਅਵਿੱਚ ਹੈ। ਦੂਜੇ ਪਾਸੇ ਅੱਜ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਬੈਠਕ ’ਚ ਵੀ ਉਮੀਦਵਾਰਾਂ ਬਾਰੇ ਕੋਈ ਸਪੱਸ਼ਟ ਨੀਤੀ ਸਾਹਮਣੇ ਨਹੀਂ ਆਈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਬੈਠਕ ਦਾ ਮਸੌਦਾ ਵੀ ਪ੍ਰੈੱਸ ਕਾਨਫਰੰਸ ਰਾਹੀਂ ਬਿਕਰਮ ਸਿੰਘ ਮਜੀਠੀਆ ਨੇ ਜ਼ਾਹਿਰ ਕੀਤਾ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਵੱਲੋਂ ਵਜ਼ਨਦਾਰ ਆਗੂ ਵਜੋਂ ਬਿਕਰਮ ਸਿੰਘ ਮਜੀਠੀਆ ਨੂੰ ਉਭਾਰਿਆ ਜਾ ਰਿਹਾ ਹੈ। ਜੇ ਮਜੀਠੀਆ, ਗਿੱਦੜਬਾਹਾ ਤੋਂ ਚੋਣ ਲੜਦੇ ਹਨ ਤਾਂ ਇਹ ਮੁਕਾਬਲਾ ਜ਼ਬਰਦਸਤ ਹੋ ਸਕਦਾ ਹੈ।