ਪੱਤਰ ਪ੍ਰੇਰਕ
ਭਵਾਨੀਗੜ੍ਹ, 23 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿੱਚ ਇਕਾਈ ਪ੍ਰਧਾਨ ਰਘਵੀਰ ਸਿੰਘ ਘਰਾਚੋਂ ਅਤੇ ਸਤਵਿੰਦਰ ਸਿੰਘ ਘਰਾਚੋਂ ਦੀ ਅਗਵਾਈ ਹੇਠ ਝੋਨੇ ਦੀ ਬੋਲੀ ਤੋਂ ਟਾਲਮਟੋਲ ਕਰ ਰਹੇ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਆਗੂ ਅਮਨਦੀਪ ਸਿੰਘ ਮਹਿਲਾਂ ਚੌਕ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪਿੰਡ ਘਰਾਚੋਂ ਵਿੱਚ ਸਰਕਾਰੀ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਝੋਨੇ ਦੀ ਖਰੀਦ ਨਾ ਹੋਣ ਦੇ ਰੋਸ ਵਜੋਂ ਮਾਰਕਫੈਡ ਦੇ ਇੰਸਪੈਕਟਰ ਜੋਰਾ ਸਿੰਘ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਹਰਜਿੰਦਰ ਸਿੰਘ ਬਾਲੀਆਂ ਦਾ ਘਿਰਾਓ ਕੀਤਾ ਗਿਆ ਹੈ। ਅਖੀਰ ਵਿੱਚ ਉਕਤ ਅਧਿਕਾਰੀਆਂ ਵੱਲੋਂ ਬੋਲੀ ਸ਼ੁਰੂ ਕਰਨ ਤੋਂ ਬਾਅਦ ਘਿਰਾਓ ਸਮਾਪਤ ਕੀਤਾ ਗਿਆ।