ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਵਿੱਚ ਨਾਜਾਇਜ਼ ਖਣਨ ਨਾਲ ਨਜਿੱਠਣ ਲਈ ਸਖ਼ਤ ਕਰਵਾਈ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਗੋਇਲ ਨੇ ਅੱਜ ਖਣਨ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਜਿਹੜੇ ਅਧਿਕਾਰੀ ਦੇ ਸਬੰਧਤ ਖੇਤਰ ’ਚ ਗ਼ੈਰ-ਕਾਨੂੰਨੀ ਖਣਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮਾਈਨਿੰਗ ਬਾਰੇ ਉਨ੍ਹਾਂ ਮੁੱਖ ਦਫਤਰ ਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਰਿਪੋਰਟ ਲੈਂਦਿਆਂ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ 15 ਦਿਨਾਂ ਬਾਅਦ ਸਰਕਾਰ ਨੂੰ ਭੇਜੀ ਜਾਵੇ।