ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੂੰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਜਾਰੀ ਪੱਤਰ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਸੰਧਵਾਂ ਨੇ ਨਿਰਦੇਸ਼ ਦਿੱਤੇ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਮਾਮਲਾ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਹਲਕਾ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਵਿਧਾਨ ਸਭਾ ਸਪੀਕਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ’ਤੇ ਵਿਧਾਨ ਸਭਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਸੀ।