ਜੋਗਿੰਦਰ ਸਿੰਘ ਮਾਨ
ਮਾਨਸਾ, 26 ਅਕਤੂਬਰ
ਅੱਜ ਪੰਜਾਬ ਦੇ ਪ੍ਰਮੁੱਖ ਸਕੱਤਰ ਵੀਕੇ ਮੀਨਾ ਨੇ ਇਸ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੀ ਖਰੀਦ ਤੇ ਚੁਕਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨਿਕ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚ ਰਹੀ ਝੋਨੇ ਦੀ ਫ਼ਸਲ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਐੱਸਪੀ ਭਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਪ੍ਰਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਮਾਨਸਾ ਵਿੱਚ ਉਨ੍ਹਾਂ ਖਰੀਦ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਅਤੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1 ਲੱਖ 33 ਹਜ਼ਾਰ 788 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ 88 ਹਜ਼ਾਰ 630 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 49 ਹਜ਼ਾਰ ਟਨ ਤੋਂ ਵਧੇਰੇ ਫ਼ਸਲ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।