ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਖਰੀਦ ’ਚ ਪੇਸ਼ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਅੱਜ ਭਾਜਪਾ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ। ਭਾਜਪਾ ਆਗੂਆਂ ਨੇ ਝੋਨੇ ਦੀ ਖਰੀਦ ਦੇ ਮਾਮਲੇ ਵਿੱਚ ਰਾਜਪਾਲ ਨੂੰ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਰਾਹੀਂ ਦੀਵਾਲੀ ਤੇ ਬੰਦੀ ਛੋੜ ਦਿਵਸ ਤੋਂ ਪਹਿਲਾਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਵਾਈ ਜਾਵੇ। ਭਾਜਪਾ ਦੇ ਵਫ਼ਦ ਵਿੱਚ ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਵਿਜੇ ਸਾਂਪਲਾ, ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ ਮਹਾਜਨ, ਫਤਿਹ ਜੰਗ ਬਾਜਵਾ, ਬਿਕਰਮਜੀਤ ਸਿੰਘ ਚੀਮਾ, ਦਰਸ਼ਨ ਸਿੰਘ ਨੈਣੇਵਾਲ ਅਤੇ ਵਿਨੀਤ ਜੋਸ਼ੀ ਸ਼ਾਮਲ ਹਨ।
ਭਾਜਪਾ ਆਗੂਆਂ ਨੇ ਰਾਜਪਾਲ ਨੂੰ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿੱਚੋਂ ਖਰੀਦ ਨਾ ਕੀਤੇ ਜਾਣ ਕਾਰਨ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਝੋਨੇ ਦੀ ਖਰੀਦ ਲਈ 44,000 ਕਰੋੜ ਰੁਪਏ ਭੇਜ ਦਿੱਤੇ ਸਨ। 26 ਦਿਨ ਬੀਤ ਜਾਣ ਦੇ ਬਾਵਜੂਦ ਪੰਜਾਬ ਦੀ ‘ਆਪ’ ਸਰਕਾਰ ਸੂਬੇ ਭਰ ਦੀਆਂ ਮੰਡੀਆਂ ’ਚੋਂ ਜ਼ਿਆਦਾਤਰ ਝੋਨਾ ਚੁੱਕਣ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਬਾਰਦਾਨੇ ਤੇ ਤਰਪਾਲਾਂ ਦੀ ਘਾਟ, ਕਸਟਮ ਮਿਲਿੰਗ ਨੀਤੀ ਦੇ ਨੋਟੀਫਿਕੇਸ਼ਨ ਵਿੱਚ ਦੇਰੀ, ਐਫਆਰਕੇ ਮਿਲਿੰਗ ਨੀਤੀ ਦਾ ਨੋਟੀਫਿਕੇਸ਼ਨ ਨਾ ਹੋਣਾ, ਮਜ਼ਦੂਰਾਂ ਦੇ ਠੇਕੇ ਜਾਂ ਟਰਾਂਸਪੋਰਟ ਦੇ ਠੇਕੇ ਦੇਣ ਵਿੱਚ ਦੇਰੀ ਆਦਿ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਪੰਜਾਬ ਦੀਆਂ ਮੰਡੀਆਂ ’ਚ ਪੀਣ ਵਾਲੇ ਪਾਣੀ, ਪਖਾਨੇ ਅਤੇ ਜ਼ਰੂਰੀ ਮੈਡੀਕਲ ਸਹੂਲਤਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ’ਚ ਵੀ ਨਾਕਾਮ ਰਹੀ ਹੈ। ਇੱਥੋਂ ਤੱਕ ਕਿ ਪੰਜਾਬ ਸਰਕਾਰ ਹਾਲੇ ਸੂਬੇ ਦੇ 5500 ਰਾਈਸ ਮਿੱਲਰਾਂ ਵਿਚਾਲੇ ਸਮਝੌਤਾ ਨਹੀਂ ਕਰਵਾ ਸਕੀ ਜੋ ਅਗਸਤ ਦੇ ਅੰਤ ਤੱਕ ਕਰਨਾ ਸੀ। ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਝੋਨੇ ਦੀ ਖਰੀਦ ਦਾ ਸੰਕਟ ਹੁਣ ਗੰਭੀਰ ਬਣ ਗਿਆ ਹੈ। ਪਿਛਲੇ 15 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਹੁਣ ਰਾਸ਼ਟਰੀ ਅਤੇ ਰਾਜ ਮਾਰਗਾਂ ਦੇ ਨਾਲ-ਨਾਲ ਸਥਾਨਕ ਸੜਕਾਂ ਨੂੰ ਵੀ ਜਾਮ ਕਰ ਰਹੇ ਹਨ ਜਿਸ ਕਾਰਨ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਆਗੂਆਂ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਉਹ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਯਕੀਨੀ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਉਣ ਦੀ ਖੁਸ਼ੀ ਦੇਣ। ਇਸ ਮੌਕੇ ਰਾਜਪਾਲ ਨੇ ਝੋਨੇ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਦਾ ਭਰੋਸਾ ਦਿੱਤਾ।