ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਬਹੁਤਾਤ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੀ ਹੈ। ਇਸ ਕਰਕੇ ਅਕਾਲੀ ਸੁਧਾਰ ਲਹਿਰ ਦੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਪੰਥਕ ਨਿਰਣੇ ਨੂੰ ਖਿੜ੍ਹੇ ਮੱਥੇ ਪ੍ਰਵਾਨ ਕਰ ਲਵੇ।
ਅੱਜ ਇੱਥੇ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਸਲਿਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਬਾਹਰੀ ਦਖਲਅੰਦਾਜ਼ੀ ਨੂੰ ਸਿੱਖ ਕੌਮ ਨੇ ਕਦਾਚਿਤ ਵੀ ਬਰਦਾਸ਼ਤ ਨਹੀਂ ਕੀਤਾ। 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਨੇ ਵੀ ਆਪਣੇ ਪਹਿਲੇ ਸ਼ਾਨਾਮਤੀ ਇਤਿਹਾਸ ’ਤੇ ਮੋਹਰ ਲਗਾਈ ਹੈ। ਇਸ ਕਰਕੇ ਪੰਥਕ ਨਿਰਣੇ ਨੂੰ ਸਿਰ ਮੱਥੇ ਮੰਨ ਕੇ ਪੰਥ ਦੀ ਚੜ੍ਹਦੀ ਕਲਾ ਲਈ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਮਾਂ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ। ਨਤੀਜਿਆਂ ਮਗਰੋਂ ਬੀਬੀ ਜਗੀਰ ਕੌਰ ਦੇ ਬਿਆਨ ਨੂੰ ਬੁਖਲਾਹਟ ਦੀ ਨਿਸ਼ਾਨੀ ਦੱਸਦਿਆਂ, ਸਾਬਕਾ ਪ੍ਰਧਾਨ ਬਡੂੰਗਰ ਨੇ ਕਿਹਾ ਕਿ ਇਹ ਨਹੀਂ ਭੁੱਲਣਾ ਚਾਹੀਦਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਉਨ੍ਹਾਂ (ਬੀਬੀ) ਨੂੰ ਪ੍ਰਧਾਨ ਵੀ ਬਣਾਉਂਦੇ ਰਹੇ ਹਨ, ਜਿਵੇਂ ਉਦੋਂ ਮੈਂਬਰਾਂ ਵੱਲੋਂ ਉਨ੍ਹਾਂ ਦੇ ਹੱਕ ’ਚ ਭੁਗਤਣ ਦੀ ਕਾਰਵਾਈ ਪੰਥਕ ਨਿਰਣਾ ਸੀ, ਉਵੇਂ ਹੀ ਹੁਣ ਉਨ੍ਹਾਂ ਦੇ ਖ਼ਿਲਾਫ਼ ਆਏ ਪੰਥਕ ਨਿਰਣੇ ਨੂੰ ਸਵੀਕਾਰਦਿਆਂ ਬੀਬੀ ਨੂੰ ਅਜਿਹੇ ਮੰਦਭਾਗੇ ਬਿਆਨਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ।