ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਅਕਤੂਬਰ
ਪੰਜਾਬ ਅੰਦਰ ਝੋਨੇ ਤੇ ਬਾਸਮਤੀ ਦੀ ਹੋ ਰਹੀ ਲੁੱਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ’ਤੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦਾ 11 ਤੋਂ 3 ਵਜੇ ਤੱਕ ਘਿਰਾਓ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਜਤਿੰਦਰ ਸਿੰਘ ਛੀਨਾ, ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਸੂਬਾਈ ਆਗੂ ਲਖਬੀਰ ਸਿੰਘ ਨਿਜਾਮਪੁਰਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਭੁਪਿੰਦਰ ਸਿੰਘ ਛੀਨਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮੰਗਲ ਸਿੰਘ ਧਰਮਕੋਟ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਨਿਸ਼ਾਨ ਸਿੰਘ ਸਾਂਘਣਾ ਨੇ ਕਿਹਾ ਕਿ ਸੂਬੇ ਅੰਦਰ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਵਪਾਰੀਆਂ ਵੱਲੋਂ ਇਕ ਸੌ ਤੋਂ ਦੋ ਸੌ ਰੁਪਏ ਤਕ ਪ੍ਰਤੀ ਕੁਇੰਟਲ ਝੋਨਾ ਘੱਟ ਕੀਮਤ ’ਤੇ ਅਤੇ ਬਾਸਮਤੀ 1500 ਤੋਂ 2 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਘੱਟ ਕੀਮਤ ’ਤੇ ਖਰੀਦੀ ਗਈ ਹੈ। ਇਸ ਨਾਲ ਕਰਜ਼ੇ ਦੇ ਬੋਝ ਹੇਠ ਦੱਬੀ ਕਿਸਾਨੀ ਹੋਰ ਡੂੰਘੇ ਸੰਕਟ ਵਿੱਚ ਫਸ ਗਈ ਹੈ।
ਕਿਸਾਨ ਆਗੂਆਂ ਮੰਗ ਕੀਤੀ ਕਿ ਝੋਨੇ ਦੀ ਫਸਲ ਦੀ ਖਰੀਦ ਤੁਰੰਤ ਕੀਤੀ ਜਾਵੇ, ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ, ਝੋਨੇ ਦੇ ਸੀਜ਼ਨ ਦੀ ਮਿਆਦ ਵਧਾਈ ਜਾਵੇੇ। ਅੱਜ ਦੇ ਇਕੱਠ ਨੂੰ ਸਤਨਾਮ ਸਿੰਘ ਝੰਡੇਰ, ਪ੍ਰਭਜੀਤ ਸਿੰਘ ਤਿੰਮੋਵਾਲ, ਬਲਬੀਰ ਸਿੰਘ ਮੂਧਲ, ਬਲਕਾਰ ਸਿੰਘ ਦੁਧਾਲਾ, ਸ਼ਿਵੰਦਰ ਸਿੰਘ ਮੀਰਾਂਕੋਟ, ਕੰਵਲਜੀਤ ਕੌਰ ਰੰਧਾਵਾ, ਨਰਿੰਦਰ ਤੇੜਾ, ਸੁਖਦੇਵ ਸਿੰਘ ਸਹਿਂਸਰਾ, ਵਿਰਸਾ ਸਿੰਘ ਟਪਿਆਲਾ ਤੇ ਸਤਵਿੰਦਰ ਸਿੰਘ ਓਠੀਆਂ ਆਦਿ ਆਗੂਆਂ ਨੇ ਸੰਬੋਧਨ ਕੀਤਾ। ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਊਦ ਨੇ ਕਿਸਾਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ ਕੀਤੀ। ਸਾਥੀ ਰਤਨ ਸਿੰਘ ਰੰਧਾਵਾ ਨੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਐਕਸ਼ਨ ਕੀਤਾ ਜਾਵੇਗਾ।
ਗੁਰਦਾਸਪੁਰ (ਜਤਿੰਦਰ ਬੈਂਸ):
ਝੋਨੇ ਦਾ ਭਾਅ ਘੱਟ ਮਿਲਣ ਅਤੇ ਮੰਡੀਆਂ ’ਚ ਕਿਸਾਨਾਂ ਦੀ ਕਥਿਤ ਲੁੱਟ ਅਤੇ ਖੱਜਲ-ਖੁਆਰੀ ਖ਼ਿਲਾਫ਼ ਕਿਸਾਨਾਂ ਅਤੇ ਮਜ਼ਦੂਰਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਵੱਲੋਂ ਘਿਰਾਓ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਹਰਜੀਤ ਸਿੰਘ ਕਾਹਲੋਂ, ਮੱਖਣ ਸਿੰਘ ਕੁਹਾੜ, ਤਰਲੋਕ ਸਿੰਘ ਬਹਿਰਾਮਪੁਰ, ਸੁਖਦੇਵ ਸਿੰਘ ਭਾਗੋਕਾਵਾਂ, ਕਸ਼ਮੀਰ ਸਿੰਘ ਤੁਗਲਵਾਲ, ਗੁਰਵਿੰਦਰ ਸਿੰਘ, ਲਾਡੀ, ਸਤਬੀਰ ਸਿੰਘ ਸੁਲਤਾਨੀ, ਪਲਵਿੰਦਰ ਸਿੰਘ ਮਠੋਲਾ, ਬਲਬੀਰ ਸਿੰਘ ਬੈਂਸ, ਸੁਰਿੰਦਰ ਸਿੰਘ ਕੋਠੇ, ਅਜੀਤ ਸਿੰਘ ਠੱਕਰਸੰਧੂ ਅਤੇ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਐੱਸਪੀ ਸਿੰਘ ਗੋਸਲ ਦੀ ਅਗਵਾਈ ਹੇਠ ਧਰਨਾ ਵੀ ਦਿੱਤਾ ਗਿਆ।
ਪਠਾਨਕੋਟ (ਐੱਨਪੀ ਧਵਨ):
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਠਾਨਕੋਟ ਦੇ ਡੀਸੀ ਦਫਤਰ ਮੂਹਰੇ ਧਰਨਾ ਦਿੱਤਾ ਗਿਆ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੇਵਲ ਸਿੰਘ ਕੰਗ, ਜਮਹੂਰੀ ਕਿਸਾਨ ਯੂਨੀਅਨ ਦੇ ਬਲਵੰਤ ਸਿੰਘ ਘੋਹ, ਕੁੱਲ ਹਿੰਦ ਕਿਸਾਨ ਸਭਾ ਦੇ ਪਰਸ਼ੋਤਮ ਕੁਮਾਰ, ਕਿਰਤੀ ਕਿਸਾਨ ਯੂਨੀਅਨ ਦੇ ਪਰਮਜੀਤ ਸਿੰਘ, ਮਾਝਾ ਸੰਘਰਸ਼ ਕਮੇਟੀ ਦੇ ਗੁਰਸ਼ਰਨ ਸਿੰਘ, ਕੇਵਲ ਕਾਲੀਆ, ਸੁਰਿੰਦਰ ਸਹਿਗਲ, ਅਵਿਨਾਸ਼ ਕੁਮਾਰ ਆਦਿ ਸ਼ਾਮਲ ਸਨ।
ਕਿਸਾਨ ਵਿਰੋਧੀ ਨੀਤੀਆਂ ਦੀ ਕੀਤੀ ਆਲੋਚਨਾ
ਹੁਸ਼ਿਆਰਪੁਰ (ਹਰਪ੍ਰੀਤ ਕੌਰ):
ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਏਕਤਾ ਉਗਰਾਹਾਂ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਪ੍ਰਧਾਨ ਮਾਸਟਰ ਸ਼ਿੰਗਾਰਾ ਦੀ ਅਗਵਾਈ ਵਿੱਚ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਬਾਹਰ ਕਾਰਪੋਰੇਟ ਅਤੇ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਨਾਅਰੇਬਾਜ਼ੀ ਕੀਤੀ।