ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):
ਥਾਣਾ ਸਦਰ ਦੀ ਪੁਲੀਸ ਨੇ ਪਿੰਡ ਧਾਂਦਰਾ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਚੌਕੀ ਵਿੱਚ ਹਾਜ਼ਰ ਸੀ ਤਾਂ ਸੀਨੀਅਰ ਅਫ਼ਸਰਾਂ ਵੱਲੋਂ ਇੱਕ ਵਟਸਐਪ ਫਾਈਲ ਭੇਜੀ ਗਈ ਜਿਸ ਵਿੱਚ ਸੈਟੇਲਾਈਟ ਡਾਟਾ ਰਾਹੀਂ ਧਾਂਦਰਾ ਪਿੰਡ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕਿ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮ ਦੀ ਉਲੰਘਣਾ ਕੀਤੀ ਗਈ ਸੀ। ਪੁਲੀਸ ਵੱਲੋਂ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।