ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਕਤੂਬਰ
ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਮਾਮਲੇ ਵਿੱਚ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਵਾਈ ਅੱਡੇ ਦੇ ਸਾਰੇ ਬਕਾਇਆ ਸਿਵਲ ਕੰਮਾਂ ਨੂੰ ਅਗਲੇ 10 ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਰਤੀ ਹਵਾਈ ਸੈਨਾ, ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.), ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਨਵੇਅ, ਟੈਕਸੀਵੇਅ ਅਤੇ ਹੋਰ ਖੇਤਰਾਂ ਨਾਲ ਸਬੰਧਤ ਲੰਬਿਤ ਉਸਾਰੀਆਂ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸੁਰੱਖਿਆ ਕੈਮਰਿਆਂ ਨੂੰ ਜਲਦੀ ਤੋਂ ਜਲਦੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸ਼ਿਫਟ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਡੀਸੀ ਜਤਿੰਦਰ ਜੋਰਵਾਲ ਨੇ ਦੱਸਿਆ ਕੀਤਾ ਕਿ ਅੰਦਰੂਨੀ ਸੜਕਾਂ ਦਾ ਨਿਰਮਾਣ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗਾਂ, ਸਬ ਸਟੇਸ਼ਨ, ਸੀਵਰੇਜ ਟਰੀਟਮੈਂਟ ਪਲਾਂਟ (ਐੱਸ.ਟੀ.ਪੀ), ਬਾਗਬਾਨੀ, ਟਾਇਲਟ ਬਲਾਕ ਅਤੇ ਪਾਰਕਿੰਗ ਸਮੇਤ ਕਈ ਕੰਮ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਬਾਕੀ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਈਟ ’ਤੇ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ।