ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆਂ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨੇਰੇ ’ਤੇ ਚਾਨਣ ਦੀ ਜਿੱਤ, ਬੁਰਾਈ ’ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਸਮੁੱਚੇ ਦੇਸ਼ ਵਾਸੀਆਂ, ਖ਼ਾਸ ਕਰ ਕੇ ਸਿੱਖ ਪੰਥ ਨੂੰ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਜਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਰਵਾਇਤੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਉਣ ਦੀ ਅਪੀਲ ਵੀ ਕੀਤੀ।