ਜਲੰਧਰ (ਨਿੱਜੀ ਪੱਤਰ ਪ੍ਰੇਰਕ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸਿੱਖ ਸਿਧਾਂਤਾਂ ਅਤੇ ਪੰਥਕ ਪ੍ਰੰਪਰਾਵਾਂ ਨੂੰ ਕਾਇਮ ਰੱਖਣ ਲਈ ਆਪਣੀ ਜੰਗ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥ ਦੀਆਂ ਸਿਰਮੌਰ ਸੰਸਥਾਵਾਂ ਹਨ। ਇਨ੍ਹਾਂ ਸੰਸਥਾਵਾਂ ਵੱਲੋਂ ਸਥਾਪਤ ਕੀਤੇ ਗਏ ਸਿਧਾਂਤਾਂ ਖਾਤਰ ਉਹ ਲੜਦੇ ਰਹਿਣਗੇ, ਭਾਵੇਂ ਕਿ ਇਸ ਜੰਗ ਵਿੱਚ ਉਹ ਇੱਕਲੇ ਹੀ ਕਿਉਂ ਨਾ ਰਹਿ ਜਾਣ। ਉਨ੍ਹਾਂ ਕਿਹਾ ਕਿ ਉਹ ਇਹ ਲੜਾਈ ਆਪਣੇ ਆਖਰੀ ਸਾਹਾਂ ਤੱਕ ਲੜਨਗੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਕਾਲੀ ਆਗੂਆਂ ਨੇ ਅਕਾਲ ਤਖ਼ਤ ਦੇ ਸਿਧਾਂਤਾਂ ਨੂੰ ਪਿੱਠ ਦਿਖਾਈ, ਇਤਿਹਾਸ ਨੇ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਾ। ਉਨ੍ਹਾਂ ਕਿਹਾ ਕਿ ਹੁਣ ਸੰਕਟ ਇਹ ਪੈਦਾ ਹੋ ਗਿਆ ਹੈ ਕਿ ਅਕਾਲੀ ਦਲ ਦੇ ਇੱਕ ਆਗੂ ਨੇ ਅਕਾਲ ਤਖ਼ਤ ਦੇ ਮੂਲ ਸਿਧਾਂਤ ਮੀਰੀ-ਪੀਰੀ ਨੂੰ ਹੀ ਚੁਣੌਤੀ ਦੇ ਦਿੱਤੀ ਹੈ।