ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਅਕਤੂਬਰ
ਪੁਲੀਸ ਨੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਸ਼ਹੂਰ ਧਾਰਮਿਕ ਅਸਥਾਨਾਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਸਣੇ ਮਹੱਤਵਪੂਰਨ ਸਥਾਨਾਂ ’ਤੇ ਲਗਪਗ 3000 ਪੁਲੀਸ ਕਰਮਚਾਰੀ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਸਨ। ਇਸ ਸਬੰਧੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਿਉਹਾਰ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਪੁਲੀਸ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸੜਕਾਂ ’ਤੇ ਰਹਿਣ ਲਈ ਕਿਹਾ ਗਿਆ ਹੈ।
ਦੀਵਾਲੀ ਦੇ ਤਿਉਹਾਰ ਕਾਰਨ ਬਾਜ਼ਾਰਾਂ ਵਿੱਚ ਭਾਰੀ ਭੀੜ ਰਹੀ। ਇਸ ਕਾਰਨ ਪਹਿਲਾਂ ਤੋਂ ਹੀ ਰੁਝੇਵਿਆਂ ਵਾਲੀਆਂ ਸੜਕਾਂ ’ਤੇ ਵੀ ਜਾਮ ਲੱਗ ਗਿਆ। ਉਨ੍ਹਾਂ ਕਿਹਾ ਕਿ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੌਕਾਂ ‘ਤੇ ਟਰੈਫਿਕ ਵਿੰਗ ਵੀ ਤਾਇਨਾਤ ਕੀਤਾ ਗਿਆ ਹੈ। ਪੁਲੀਸ ਦੀਆਂ ਟੀਮਾਂ ਨੇ ਟਰੈਫਿਕ ਜਾਮ ਦਾ ਕਾਰਨ ਬਣਦੇ ਗ਼ਲਤ ਪਾਰਕ ਕੀਤੇ ਵਾਹਨਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਦਾਖ਼ਲ ਹੋਣ ਵਾਲੇ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਵਾਹਨਾਂ ਦੀ ਚੈਕਿੰਗ ਲਈ ਨਾਕੇ ਲਗਾਏ ਗਏ ਹਨ।