ਪਠਾਨਕੋਟ (ਐੱਨਪੀ ਧਵਨ): ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀਵਾਲੀ ਤਿਉਹਾਰ ਮੌਕੇ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਦੇ ਇਤਿਹਾਸਕ ਸਥਾਨ ਗੁਰਦੁਆਰਾ ਬਾਰਠ ਅਤੇ ਪਿੰਡ ਕਟਾਰੂਚੱਕ ਦੇ ਪ੍ਰਾਚੀਨ ਸ਼ਿਵ ਮੰਦਰ ਚਟਪਟ ਬਨੀ ਵਿੱਚ ਪਰਿਵਾਰ ਸਮੇਤ ਨਤਮਸਤਕ ਹੋਏ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਪਠਾਨਕੋਟ ਦੇ ਬਾਜ਼ਾਰਾਂ ਵਿੱਚ ਜਾ ਕੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਦੀਵਾਲੀ ਦੀ ਮੁਬਾਰਕਵਾਦ ਦਿੱਤੀ ਤੇ ਆਪਣੀਆਂ ਬਚਪਨ ਦੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਬਾਜ਼ਾਰ ਵਿੱਚ ਦੀਵਾਲੀ ਮੌਕੇ ਖਰੀਦਦਾਰੀ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ, ਜ਼ਿਲ੍ਹਾ ਪੁਲੀਸ ਮੁਖੀ ਦਲਜਿੰਦਰ ਸਿੰਘ ਢਿਲੋਂ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਭਨਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਡੇ ਦੇਸ਼ ਦੇ ਪ੍ਰਮੁੱਖ ਤਿਉਹਾਰਾਂ ਵਿੱਚੋਂ ਇੱਕ ਹੈ। ਉਨ੍ਹਾਂ ਸਾਰੇ ਦੇਸ਼ ਵਾਸੀਆਂ ਨੂੰ ਇਹ ਤਿਉਹਾਰ ਗਰੀਨ ਦੀਵਾਲੀ ਦੇ ਰੂਪ ਵਿੱਚ ਮਨਾਉਣ ਦਾ ਸੰਦੇਸ਼ ਦਿੱਤਾ ਤਾਂ ਜੋ ਸਾਡਾ ਵਾਤਾਵਰਨ ਸਾਫ ਅਤੇ ਸਵੱਛ ਰਹਿ ਸਕੇ। ਉਨ੍ਹਾਂ ਸਭਨਾਂ ਨੂੰ ਇਸ ਮੌਕੇ ਇੱਕ-ਇੱਕ ਪੌਦਾ ਲਗਾਉਣ ਦਾ ਵੀ ਸੰਦੇਸ਼ ਦਿੱਤਾ।