ਪੱਤਰ ਪ੍ਰੇਰਕ
ਮਾਨਸਾ, 1 ਨਵੰਬਰ
ਇਸ ਵਾਰ ਲੋਕਾਂ ਨੇ ਜਿੱਥੇ ਚੀਨੀ ਸਾਮਾਨ ਖਰੀਦਣ ਤੋਂ ਗੁਰੇਜ਼ ਕੀਤਾ, ਉੱਥੇ ਸਵਦੇਸ਼ੀ ਸਮਾਨ ਵਰਤਨ ਨੂੰ ਤਰਜੀਹ ਦਿੱਤੀ ਹੈ। ਸਮਾਜ ਸੇਵੀ ਸੰਸਥਾਵਾਂ ਦੇ ਸੱਦੇ ’ਤੇ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੇ ਦੇਸ਼ ਪ੍ਰਤੀ ਪ੍ਰੇਮ ਅਤੇ ਭਾਵਨਾ ਦਾ ਸਬੂਤ ਦਿੱਤਾ ਹੈ।
ਸੱਭਿਆਚਾਰ ਅਤੇ ਸਮਾਜ ਸੇਵਾ ਮੰਚ ਦੇ ਆਗੂ ਰਾਕੇਸ਼ ਗਰਗ ਅਤੇ ਸੰਜੀਵ ਜਿੰਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਪਹਿਲਾਂ ਲੰਘੇ ਦੀਵਾਲੀ ਦੇ ਤਿਉਹਾਰਾਂ ਦੇ ਮੁਕਾਬਲੇ ਇਸ ਵਾਰ ਪਟਾਕੇ ਘੱਟ ਚਲਾਏ ਜਾਣ ’ਤੇ ਬਿਜਲਈ ਲੜੀਆਂ ਦੀ ਥਾਂ ਤੇਲ ਤੇ ਘਿਓ ਦੇ ਦੀਵੇ ਬਾਲੇ ਜਾਣ ਕਾਰਨ ਵਾਤਾਵਰਨ ਵਧੇਰੇ ਦੂਸ਼ਿਤ ਹੋਣ ਤੋਂ ਬਚਾਅ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ/ਕਾਲਜਾਂ ਵੱਲੋਂ ਵੀ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਏ ਜਾਣ ਦਾ ਹੋਕਾ ਦਿੱਤਾ ਗਿਆ ਸੀ। ਐਸ.ਡੀ ਕੰਨਿਆਂ ਮਹਾਂਵਿਦਿਆਲਾ ਮਾਨਸਾ ਦੇ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਏ ਜਾਣ ਲਈ ਪ੍ਰੇਰਿਤ ਕੀਤਾ ਗਿਆ ਸੀ ਅਤੇ ਵਿਦਿਆਰਥੀਆਂ ਦੇ ਦੀਵਿਆਂ ਅਤੇ ਰੰਗੋਲੀ ਸਬੰਧੀ ਮਕਾਬਲੇ ਵੀ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਕਲਾਤਮਕ ਰੁਚੀ ਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਇਹ ਮੁਕਾਬਲੇ ਕਰਵਾਏ ਗਏ ਤੇ ਜੇਤੂ ਰਹੇ ਵਿਦਿਆਰਥੀਆਂ ਦੀ ਹੋਂਸਲਾ ਅਫਜਾਈ ਕੀਤੀ ਗਈ।