ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਇਕਾਈ ਵੱਲੋਂ ਝੋਨੇ ਦੀ ਖ਼ਰੀਦ ਅਤੇ ਡੀਏਪੀ ਖਾਦ ਦੀ ਸਮੱਸਿਆ ਦੇ ਹੱਲ ਲਈ ਭਲਕੇ 5 ਨਵੰਬਰ ਨੂੰ ਸਵੇਰੇ 10.30 ਵਜੇ ਜ਼ਿਲ੍ਹਾ ਕਚਹਿਰੀ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸਾਹਮਣੇ ਮੁਜ਼ਾਹਰਾ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਮੁਜ਼ਾਹਰੇ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਉਨ੍ਹਾਂ ਸਾਰੇ ਵਰਕਰਾਂ ਨੂੰ ਬੇਨਤੀ ਕੀਤੀ ਕਿ ਸਾਥੀਆਂ ਸਣੇ ਮੁਜ਼ਾਹਰੇ ਵਿੱਚ ਸਮੇਂ ਸਿਰ ਪਹੁੰਚਣ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਅਤੇ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਖ਼ਿਲਾਫ਼ ਭਲਕੇ ਪੰਜ ਨਵੰਬਰ ਨੂੰ ਇੱਥੋਂ ਦੇ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਮਸਲੇ ਜਲਦ ਹੱਲ ਨਾ ਕੀਤੇ ਗਏ ਤਾਂ ਅਕਾਲੀ ਦਲ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਦੀ ਜਿੱਥੇ ਝੋਨੇ ਦੇ ਸੀਜ਼ਨ ਵਿਚ ਲੁੱਟ ਅਤੇ ਖੱਜਲ-ਖੁਆਰੀ ਕੀਤੀ ਗਈ ਹੈ, ਉੱਥੇ ਹੀ ਡੀਏਪੀ ਖਾਦ ਨਾ ਦੇ ਕੇ ਕਿਸਾਨਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ।