ਪੱਤਰ ਪ੍ਰੇਰਕ
ਰਤੀਆ, 5 ਨਵੰਬਰ
ਸਿਟੀ ਥਾਣਾ ਇੰਚਾਰਜ ਰਣਜੀਤ ਸਿੰਘ ਦੀ ਅਗਵਾਈ ਵਿਚ ਗਠਿਤ ਟੀਮ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਸਬੰਧ ਵਿੱਚ ਰਤੀਆ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਪਿੰਡ ਨਥਵਾਨ ਦੇ ਖੇਤਾਂ ਵਿਚ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕਟਾਈ ਉਪਰੰਤ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਹੀ ਸਰਕਾਰ ਵਲੋਂ ਫਸਲ ਰਹਿੰਦ ਖੂੰਹਦ ਪ੍ਰਬੰਧਨ ਨੂੰ ਲੈ ਕੇ ਪ੍ਰੋਗਰਾਮ ਚਲਾਇਆ ਹੈ।
ਇਸ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਪਰਾਲੀ ਵਿਚ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦੇ ਕਿਹਾ ਕਿ ਜ਼ਿਲ੍ਹਾ ਫਤਿਆਬਾਦ ਵਿਚ ਫਸਲ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਤਹਿਤ ਝੋਨੇ ਦੀ ਪਰਾਲੀ ਵਿਚ ਅੱਗ ਨਾ ਲਗਾਉਣ ਬਾਰੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਲਾਗੂ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਆਦੇਸ਼ ਅਨੁਸਾਰ ਫਸਲ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਤਹਿਤ ਨਿਯੁਕਤ ਕੀਤੀਆਂ ਟੀਮਾਂ ਦੇ ਨਾਲ ਨਾਲ ਪੁਲਸ ਪ੍ਰਸ਼ਾਸਨ ਨੂੰ ਵੀ ਸਖਤ ਆਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਕਿਸਾਨਾਂ ਵਲੋਂ ਅੱਗ ਦੀ ਘਟਨਾ ਕੀਤੀ ਜਾ ਰਹੀ ਹੈ ਉਨ੍ਹਾਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਦੌਰਾਨ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਪੂਰਾ
ਸਹਿਯੋਗ ਕਰਨਗੇ।
ਪੁਲੀਸ ਅਧਿਕਾਰੀ ਨੇ ਕਿਹਾ ਕਿ ਜੇਕਰ ਕਿਸੇ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।