ਗੁਰਨਾਮ ਸਿੰਘ ਅਕੀਦਾ
ਪਟਿਆਲਾ 5 ਨਵੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪਾਸਾਰ ਲਈ ਮਨਾਏ ਜਾਣ ਵਾਲੇ ਪੰਜਾਬੀ ਮਹੀਨੇ ਦਾ ਅਗਾਜ਼ ਅੱਜ ਇੱਥੇ ਭਾਸ਼ਾ ਭਵਨ ਪਟਿਆਲਾ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹੋ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਪਾਸਾਰ ਲਈ ਨਿੱਜੀ ਤੌਰ ’ਤੇ ਦਿਲਚਸਪੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਵੱਲੋਂ ਵਿਭਾਗ ਦੀਆਂ ਲੋੜਾਂ ਸਬੰਧੀ ਦਿੱਤੀ ਜਾਣਕਾਰੀ ਸਰਕਾਰ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਅਤੇ ਮੁਸ਼ਕਲਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਭਾਸ਼ਾ ਵਿਭਾਗ ਦੀ ਇਮਾਰਤ ’ਚੋਂ ਐੱਨਸੀਸੀ ਦਾ ਦਫ਼ਤਰ ਹੋਰ ਕਿਧਰੇ ਤਬਦੀਲ ਕਰ ਦਿੱਤਾ ਜਾਵੇਗਾ।
ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਵਿਭਾਗ ਦੀਆਂ ਸਰਗਰਮੀਆਂ ਤੇ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਪੂਰੀ ਦਿਲਚਸਪੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਬਹੁਤ ਜਲਦ ਪੰਜਾਬੀ ਵੀ ਮਨਸੂਈ ਬੌਧਕਿਤਾ ਦੇ ਹਾਣ ਦੀ ਹੋਵੇਗੀ। ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ, ਦਰਸ਼ਨ ਬੁੱਟਰ, ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ, ਡਾ. ਆਤਮ ਰੰਧਾਵਾ, ਪ੍ਰਧਾਨ ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਅਤੇ ਡਾ. ਸਰਬਜੀਤ ਸਿੰਘ, ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਹਰਪ੍ਰੀਤ ਕੌਰ ਨੇ ਆਏ ਮਹਿਮਾਨਾਂ, ਸਾਹਿਤਕਾਰਾਂ ਤੇ ਪੰਜਾਬੀ ਪ੍ਰੇਮੀਆਂ ਦਾ ਸਵਾਗਤ ਕੀਤਾ। ਵਿਭਾਗ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਦਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਦਘਾਟਨ ਕੀਤਾ ਅਤੇ ਪੰਜਾਬੀ ਮਾਹ ਦਾ ਝੰਡਾ ਲਹਿਰਾ ਕੇ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦਾ ਅਗਾਜ਼ ਕੀਤਾ। ਇਸ ਮੌਕੇ ਸੂਫੀ ਗਾਇਕਾ ਅਨੂਜੋਤ ਕੌਰ ਤੇ ਬਿਕਰਮ ਸੰਘਾ ਨੇ ਗਾਇਕੀ ਦੇ ਰੰਗ ਬਿਖੇਰੇ। ਇਸ ਮੌਕੇ ਭਾਸ਼ਾ ਵਿਭਾਗ ਦੇ ਰਸਾਲੇ ‘ਪੰਜਾਬੀ ਦੁਨੀਆ’ ਦਾ ਡਾ. ਸੁਰਜੀਤ ਪਾਤਰ ਵਿਸ਼ੇਸ਼ ਅੰਕ ਅਤੇ ਰਘਵੀਰ ਭਰਤ ਦੁਆਰਾ ਲਿਖੀ ਭਾਸ਼ਾ ਵਿਭਾਗ ਸਰਵੇ ਪੁਸਤਕ ਮਾਛੀਵਾੜਾ ਸਾਹਿਬ ਲੋਕ ਅਰਪਣ ਕੀਤੀ ਗਈ।