ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 5 ਨਵੰਬਰ
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸੜਕਾਂ ’ਤੇ ਉੱਤਰ ਆਏ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਅੱਜ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਹਰਜੀਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ, ਸਤਿੰਦਰ ਸਿੰਘ ਗਿੱਲ, ਸਮਸ਼ੇਰ ਸਿੰਘ ਪੁਰਖਾਲਵੀ, ਸੁਖਵਿੰਦਰ ਸਿੰਘ ਛਿੰਦੀ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਕਮਲਜੀਤ ਸਿੰਘ ਰੂਬੀ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਕਥਿਤ ਮਿਲੀਭੁਗਤ ਕਾਰਨ ਮੰਡੀਆਂ ਵਿੱਚ ਸਹੀ ਤਰੀਕੇ ਨਾਲ ਝੋਨੇ ਦੀ ਖ਼ਰੀਦ ਅਤੇ ਚੁਕਾਈ ਨਹੀਂ ਹੋ ਰਹੀ। ਇਹੀ ਨਹੀਂ ਕਣਕ ਅਤੇ ਆਲੂਆਂ ਸਮੇਤ ਹੋਰ ਫ਼ਸਲਾਂ ਦੀ ਬਿਜਾਈ ਲਈ ਡੀਏਪੀ ਖਾਦ ਵੀ ਨਹੀਂ ਮਿਲ ਰਹੀ ਹੈ। ਵਰਕਰਾਂ ਨੇ ਰਾਜਪਾਲ ਦੇ ਨਾਂ ਲਿਖਿਆ ਮੰਗ ਪੱਤਰ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੂੰ ਦਿੱਤਾ।
ਡੇਰਾਬੱਸੀ (ਹਰਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਐੱਸਡੀਐੱਮ ਦਫਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਕਿਸਾਨ ਮੰਡੀਆਂ ਵਿਚ ਖੱਜਲ-ਖੁਆਰ ਹੋ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੀ ਫ਼ਸਲ ਖ਼ਰੀਦਣ ਨੂੰ ਤਿਆਰ ਨਹੀਂ ਹੈ। ਚੁਕਾਈ ਦੇ ਕੰਮ ’ਚ ਦੇਰੀ ਕਾਰਨ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪ੍ਰਤੀ ਕੁਇੰਟਲ 300 ਤੋਂ ਲੈ ਕੇ 400 ਰੁਪਏ ਦੇ ਤੱਕ ਦਾ ਕੱਟ ਲਾਇਆ ਜਾ ਰਿਹਾ ਹੈ। ਹੁਣ ਅਗਲੀ ਫ਼ਸਲ ਬੀਜਣ ਦਾ ਸਮਾਂ ਆ ਗਿਆ ਹੈ ਪਰ ਕਿਸਾਨਾਂ ਨੂੰ ਡੀਏਪੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਐੱਸਡੀਐੱਮ ਨੂੰ ਮੰਗ ਪੱਤਰ ਵੀ ਸੌਂਪਿਆ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜੇ ਕਿਸੇ ਪਾਰਟੀ ਨੇ ਕਿਸਾਨਾਂ ਦੀ ਬਾਹ ਫੜੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰੇਗਾ।
ਅਮਲੋਹ (ਰਾਮ ਸਰਨ ਸੂਦ): ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸਹੀ ਢੰਗ ਨਾਲ ਨਾ ਹੋਣ ਕਾਰਨ ਅਤੇ ਕਿਸਾਨਾਂ ਨੂੰ ਡੀਏਪੀ ਨਾ ਮਿਲਣ ਕਾਰਨ ਅੱਜ ਇੱਥੇ ਪੰਜਾਬ ਸਰਕਾਰ ਖ਼ਿਲਾਫ਼ ਪਾਰਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਪ੍ਰਦਰਸਨ ਕੀਤਾ ਗਿਆ। ਪੰਜਾਬ ਸਰਕਾਰ ਨਾਅਰੇਬਾਜ਼ੀ ਉਪਰੰਤ ਐੱਸਡੀਐੱਮ ਮਨਦੀਪ ਸਿੰਘ ਰਾਜਲਾ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਮਛਰਾਈ, ਹਰਬੰਸ ਸਿੰਘ ਬਡਾਲੀ, ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਕੰਵਲਜੀਤ ਸਿੰਘ ਗਿੱਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ, ਹਰਵਿੰਦਰ ਸਿੰਘ ਗਿੱਲ, ਪਰਮਜੀਤ ਸਿੰਘ ਖਨਿਆਣ, ਕੁਲਦੀਪ ਸਿੰਘ ਮੁਢੜੀਆਂ, ਕੈਪਟਨ ਜਸਵੰਤ ਸਿੰਘ ਬਾਜਵਾ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਨੰਬਰਦਾਰ ਸਰਧਾ ਸਿੰਘ ਛੰਨਾ, ਕੌਂਸਲਰ ਸੋਮ ਨਾਥ ਅਜਨਾਲੀ, ਕਰਮ ਸਿੰਘ ਘੁਟੀਡ, ਸੁਰਜੀਤ ਸਿੰਘ ਬਰੌਗਾ, ਜਸਵਿੰਦਰ ਸਿੰਘ ਗਰੇਵਾਲ, ਅਤੇ ਯਾਦਵਿੰਦਰ ਸਿੰਘ ਸਲਾਣਾ ਆਦਿ ਮੌਜੂਦ ਸਨ।
ਖਰੜ (ਸ਼ਸ਼ੀ ਪਾਲ ਜੈਨ): ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਪਾਰਟੀ ਵੱਲੋਂ ਤਹਿਸੀਲ ਕੰਪਲੈਕਸ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਮਾੜੇ ਪ੍ਰਬੰਧਾਂ ਅਤੇ ਡੀਏਪੀ ਖਾਦ ਸਬੰਧੀ ਹੋ ਰਹੀ ਕਾਲਾਬਾਜ਼ਾਰੀ ਆਦਿ ਮੁੱਦਿਆਂ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਵਿਰੁੱਧ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਵਿੱਚ ਪਾਰਟੀ ਦੇ ਦਿਹਾਤੀ ਪ੍ਰਧਾਨ ਤੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਚੰਨਾ ਅਤੇ ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਪਰਮਿੰਦਰ ਸਿੰਘ ਲੌਂਗੀਆ ਆਦਿ ਮੌਜੂਦ ਸਨ। ਉਨ੍ਹਾਂ ਐੱਸਡੀਐੱਮ ਗੁਰਮੰਦਰ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਹੈ।
ਕੇਂਦਰ ਸਰਕਾਰ ’ਤੇ ਕਿਸਾਨਾਂ ਤੋਂ ਦਿੱਲੀ ਅੰਦੋਲਨ ਦਾ ਬਦਲਾ ਲੈਣ ਦੇ ਦੋਸ਼
ਰੂਪਨਗਰ (ਜਗਮੋਹਨ ਸਿੰਘ): ਇੱਥੇ ਮਹਾਰਾਜਾ ਰਣਜੀਤ ਸਿੰਘ ਬਾਗ ਰੂਪਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਤੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਦੇਖ-ਰੇਖ ਅਧੀਨ ਇਕੱਤਰ ਹੋ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਰਕਰਾਂ ਤੇ ਆਗੂਆਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਡਾ. ਚੀਮਾ, ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਬਰ ਅਮਰਜੀਤ ਸਿੰਘ ਚਾਵਲਾ ਤੇ ਪਰਮਜੀਤ ਸਿੰਘ ਲੱਖੇਵਾਲ ਆਦਿ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਦਿੱਲੀ ਅੰਦੋਲਨ ਦਾ ਬਦਲਾ ਲੈਣ ਲਈ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ’ਤੇ 5 ਕਿਲੋ ਤੋਂ ਲੈ ਕੇ 7 ਕਿਲੋ ਤੱਕ ਦੇ ਕੱਟ ਲਗਾਏ ਜਾ ਰਹੇ ਹਨ। ਅਕਾਲੀ ਆਗੂਆਂ ਵੱਲੋਂ ਰੋਸ ਧਰਨਾ ਦੇਣ ਉਪਰੰਤ ਡੀਸੀ ਰੂਪਨਗਰ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੇ ਕੱਟ ਸਬੰਧੀ ਮਿਲੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਕਮੇਟੀ ਬਣਾ ਦਿੱਤੀ ਗਈ ਹੈ। ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕਰਨ ਲਈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ।
ਡੀਸੀ ਨੂੰ ਸੌਂਪਿਆ ਰਾਜਪਾਲ ਦੇ ਨਾਂ ਮੰਗ ਪੱਤਰ
ਫ਼ਤਹਿਗੜ੍ਹ ਸਾਹਿਬ (ਡਾ.ਹਿਮਾਂਸੂ ਸੂਦ): ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਪੈਦਲ ਮਾਰਚ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਧਰਨਾ ਦਿੱਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਬਾਰ ਐਸੋਸੀਏਸਨ ਦੇ ਪ੍ਰਧਾਨ ਅਮਰਦੀਪ ਸਿੰਘ ਧਾਰਨੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ, ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਪੁਰ, ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਅਤੇ ਪੀਏਸੀ ਮੈਬਰ ਹਰਭਜਨ ਸਿੰਘ ਚਨਾਰਥਲ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਐਡਵੋਕੇਟ ਗਗਲਦੀਪ ਸਿੰਘ ਵਿਰਕ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਤਲਾਣੀਆਂ, ਸੁਖਜਿੰਦਰ ਸਿੰਘ ਬਾਗੜੀਆਂ, ਸਾਬਕਾ ਕੌਂਸਲਰ ਰਵਿੰਦਰ ਸਿੰਘ ਰੂਬੀ ਸਮੇਤ ਵੱਡੀ ਗਿਣਤੀ ਵਿਚ ਵੱਡੀ ਵਰਕਰ ਹਾਜ਼ਰ ਸਨ।