ਜਗਮੋਹਨ ਸਿੰਘ
ਰੂਪਨਗਰ, 5 ਨਵੰਬਰ
ਸਥਾਨਕ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਆ ਰਹੀ ਬਾਰਦਾਨੇ ਦੀ ਸਮੱਸਿਆ ਸਬੰਧੀ ਅੱਜ ‘ਪੰਜਾਬੀ ਟ੍ਰਿਬਿਊਨ’ ਵਿੱਚ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਬਾਰਦਾਨੇ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਵਿੱਚ ਬਾਰਦਾਨੇ ਦਾ ਪ੍ਰਬੰਧ ਤਾਂ ਕਰ ਦਿੱਤਾ ਗਿਆ ਹੈ ਪਰ ਝੋਨੇ ਦੀ ਮੰਡੀ ਵਿੱਚੋਂ ਚੁਕਾਈ ਦਾ ਕੰਮ ਬੇਹੱਦ ਮੱਠਾ ਹੋਣ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਫ਼ਸਲ ਲਾਹੁਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੰਡੀ ਵਿੱਚੋਂ ਝੋਨੇ ਦੀ ਚੁਕਾਈ ਦਾ ਕੰਮ ਜਲਦੀ ਤੋਂ ਜਲਦੀ ਅਤੇ ਤੇਜ਼ ਗਤੀ ਨਾਲ ਕੀਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ।