ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 6 ਨਵੰਬਰ
ਬਲੌਂਗੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵੀਨ ਕੁਮਾਰ ਵਾਸੀ ਪਿੰਡ ਕਿਨਾਲਾ (ਹਿਸਾਰ) ਵਜੋਂ ਹੋਈ ਹੈ। ਡੀਐੱਸਪੀ ਖਰੜ ਕਰਨ ਸਿੰਘ ਸੰਧੂ ਅਤੇ ਬਲੌਂਗੀ ਥਾਣੇ ਦੇ ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਬਲੌਂਗੀ ਪੁਲੀਸ ਨੂੰ ਪੀੜਤ ਸਚਿਨ ਸਿੰਘ ਵਾਸੀ ਖਨੌਰੀ ਨੇ ਸ਼ਿਕਾਇਤ ਦਿੱਤੀ ਸੀ ਕਿ ਇਕ ਵਿਅਕਤੀ ਲੋਕਾਂ ਨੂੰ ਗੁਮਰਾਹ ਕਰ ਕੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰ ਰਿਹਾ ਹੈ। ਉਹ ਹੁਣ ਤੱਕ ਪੀੜਤਾਂ ਕੋਲੋਂ ਲੱਖਾਂ ਰੁਪਏ ਵਸੂਲ ਕਰ ਚੁੱਕਾ ਹੈ। ਸਚਿਨ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਨੇ ਆਪਣੇ ਭਰਾ ਨੂੰ ਕੈਨੇਡਾ ਭੇਜਣ ਲਈ ਨਵੀਨ ਕੁਮਾਰ ਨੂੰ 10 ਲੱਖ ਰੁਪਏ ਅਤੇ ਉਸ ਦਾ ਪਾਸਪੋਰਟ ਦਿੱਤਾ ਸੀ।
ਨਵੀਨ ਨੇ ਉਸ ਨੂੰ ਭਰੋਸਾ ਦਿੱਤਾ ਸੀ ਕਿ ਉਹ ਉਸ ਦੇ ਭਰਾ ਨੂੰ ਜਲਦੀ ਹੀ ਕੈਨੇਡਾ ਭੇਜ ਦੇਵੇਗਾ ਪਰ ਬਾਅਦ ਵਿੱਚ ਨਵੀਨ ਨੇ ਤਾਂ ਉਸ ਦੇ ਭਰਾ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਸ ਸਬੰਧੀ ਉਸ ਨੇ ਕਈ ਵਾਰ ਨਵੀਨ ਨਾਲ ਤਾਲਮੇਲ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ।
ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਲੋਕਾਂ ਨਾਲ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਨ ਤੋਂ ਬਾਅਦ ਮੁਲਜ਼ਮ ਨਵੀਨ ਕੁਮਾਰ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਠੱਗੀ ਦਾ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਮੁਲਜ਼ਮ ਕੋਲੋਂ 20 ਲੱਖ ਰੁਪਏ ਦੀ ਨਗਦੀ ਅਤੇ ਦੋ ਪਾਸਪੋਰਟ ਵੀ ਬਰਾਮਦ ਕੀਤੇ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਲੋਕਾਂ ਨਾਲ ਠੱਗੀਆਂ ਮਾਰਨ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।