ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਨਵੰਬਰ
ਇੱਥੋਂ ਦੇ ਸੈਕਟਰ-35 ਵਿੱਚ ਸਥਿਤ ਕਿਸਾਨ ਭਵਨ ਦੇ ਨਜ਼ਦੀਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਤਿਆਨਾਰਾਇਣ (37) ਵਾਸੀ ਮਲੋਆ ਵਜੋਂ ਹੋਈ ਹੈ ਜੋ ਮਾਰਕਫੈੱਡ ਵਿੱਚ ਕੰਮ ਕਰਦਾ ਸੀ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੱਤਿਆਨਾਰਾਇਣ ਅੱਜ ਦੁਪਹਿਰ ਸਮੇਂ ਪੈਦਲ ਹੀ ਸੈਕਟਰ-22 ਤੋਂ ਸੈਕਟਰ-35 ਵੱਲ ਜਾ ਰਿਹਾ ਸੀ ਜਦੋਂ ਉਹ ਪੈਦਲ ਸੜਕ ਤੋਂ ਲੰਘ ਰਿਹਾ ਸੀ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਤੁਰੰਤ ਬਾਅਦ ਪੀੜਤ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਸੈਕਟਰ-36 ਦੀ ਪੁਲੀਸ ਨੇ ਇਸ ਮਾਮਲੇ ਵਿੱਚ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।