ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਨਵੰਬਰ
ਪਿੰਡ ਉੱਭਾਵਾਲ ਦਾ ਅਗਾਂਹਵਧੂ ਕਿਸਾਨ ਅਮਰਜੀਤ ਸਿੰਘ ਢੀਂਡਸਾ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਗੈਰ ਹੀ ਖੇਤੀ ਕਰ ਰਿਹਾ ਹੈ। ਕਿਸਾਨ ਕੋਲ 30 ਏਕੜ ਜ਼ਮੀਨ ਹੈ। ਉਸ ਨੇ ਸਾਲ 2021-22 ’ਚ ਖੇਤੀਬਾੜੀ ਵਿਭਾਗ ਕੋਲੋਂ ਸੁਪਰਸੀਡਰ ਸਬਸਿਡੀ ’ਤੇ ਲਿਆ ਸੀ ਜਿਸ ਦੀ ਮਦਦ ਨਾਲ ਉਹ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਸੁਪਰ ਸੀਡਰ ਦੀ ਮਦਦ ਨਾਲ ਮਿੱਟੀ ਵਿੱਚ ਹੀ ਰਲਾ ਰਿਹਾ ਹੈ। ਇਸ ਨਾਲ ਨਾ ਸਿਰਫ਼ ਕਣਕ ਦੀ ਫਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ ਬਲਕਿ ਮਿੱਟੀ ਦੇ ਕਾਰਬਨ ਆਰਗੈਨਿਕ ਤੱਤਾਂ ਵਿੱਚ ਵੀ ਸੁਧਾਰ ਹੋਇਆ ਹੈ। ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਝੋਨੇ ਦੀ ਵਾਢੀ ਸੁਪਰ ਐੱਸਐੱਮਐੱਸ ਲੱਗੀ ਮਸ਼ੀਨ ਦੁਆਰਾ ਹੀ ਕੀਤੀ ਜਾਂਦੀ ਹੈ ਅਤੇ ਬਾਅਦ ਵਿਚ ਕਣਕ ਦੀ ਬਿਜਾਈ ਸੁਪਰਸੀਡਰ ਨਾਲ ਆਸਾਨੀ ਨਾਲ ਹੋ ਜਾਂਦੀ ਹੈ। ਇਸ ਵਾਰ ਪੀਆਰ-126, ਪੀਆਰ-131 ਅਤੇ ਪੂਸਾ ਬਾਸਮਤੀ 1847 ਕਿਸਮਾਂ ਲਾਈਆਂ ਹਨ ਜਿਸ ਦਾ 30 ਤੋਂ 32 ਕੁਇੰਟਲ ਔਸਤ ਝਾੜ ਪ੍ਰਾਪਤ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਸਹਾਇਕ ਧੰਦੇ, ਜਿਵੇਂ ਦੁਧਾਰੂ ਪਸ਼ੂ ਵੀ ਰੱਖਦਾ ਹੈ ਅਤੇ ਸਬਜ਼ੀਆਂ ਦੀ ਕਾਸ਼ਤ ਵੀ ਕਰਦਾ ਹੈ। ਉਹ ਕੋਈ ਵੀ ਫਸਲ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਬੀਜਦਾ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਦੇ ਸਾਂਭ ਸੰਭਾਲ ਲਈ ਜੰਗੀ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਬਾਕੀ ਕਿਸਾਨਾਂ ਨੂੰ ਵੀ ਅਮਰਜੀਤ ਸਿੰਘ ਵਾਂਗੂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਨੁੰ ਮਿੱਟੀ ਵਿੱਚ ਹੀ ਦਬਾਉਣ ਲਈ ਅਪੀਲ ਕੀਤੀ।