ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਨਵੰਬਰ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚੱਲ ਰਹੀ ਹੈ। ਇੱਥੇ ਲਹਿਰਾਗਾਗਾ ਦੇ ਡੀਐੱਸਪੀ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਐੱਸਡੀਐੱਮ ਸੂਬਾ ਸਿੰਘ ਦੇ ਸਹਿਯੋਗ ਨਾਲ ਪੁਲੀਸ ਤੇ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਲਗਭਗ ਹਰ ਪਿੰਡ ਵਿੱਚ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖਦੇ ਹੋਏ ਪਰਾਲੀ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਸਰਗਰਮ ਹਨ। ਪਿਛਲੇ ਦੋ ਤਿੰਨ ਦਿਨਾਂ ਵਿੱਚ ਲਗਪਗ 50 ਏਕੜ ਰਕਬੇ ਵਿੱਚ ਨਾੜ ਨੂੰ ਲਗਾਈ ਗਈ ਅੱਗ ਬੁਝਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਹਿਲ ਕਲਾਂ, ਘੋੜੇਨਾਬ, ਫਤਿਹਗੜ੍ਹ ਆਦਿ ਪਿੰਡਾਂ ਵਿੱਚ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਪ੍ਰਤੀ ਸਾਰਥਕ ਹੁੰਗਾਰਾ ਦਿੱਤਾ ਹੈ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਪਿੰਡ ਕਮਾਲਪੁਰ ਵਿੱਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ ਨੇ ਪਰਾਲੀ ਨੂੰ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਇੱਕ ਟਨ ਪਰਾਲੀ ਨੂੰ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫ਼ਰ ਦਾ ਨੁਕਸਾਨ ਹੁੰਦਾ ਹੈ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਦੇ ਪਿੰਡ ਮੀਰਾਂਪੁਰ ਤੇ ਸਵਾਏ ਸਿੰਘ ਵਾਲਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਹੈਪੀ ਸੀਡਰ, ਸਮਾਰਟ ਸੀਡਰ, ਬੇਲਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ।