ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਹੀ ਦੇਣ ਅਤੇ ਸਿੱਖਿਆ ਦੇ ਵਿਸ਼ੇ ਨੂੰ ਰਾਜ ਸੂਚੀ ਵਿੱਚ ਸ਼ਾਮਲ ਕਰਾਉਣ ਦੀ ਮੰਗ ਲਈ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਦਫ਼ਤਰ ਦਾ ਘਿਰਾਓ ਕੀਤਾ ਹੈ| ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਕੁਰੜ, ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ, ਮਾਲਵਾ ਜ਼ੋਨ ਦੇ ਪ੍ਰਧਾਨ ਧੀਰਜ ਫਾਜ਼ਿਲਕਾ, ਸੁਖਪ੍ਰੀਤ ਮੁਕਤਸਰ, ਕਮਲਜੀਤ ਮੁਹਾਰ ਖੀਵਾ ਅਤੇ ਨੌਨਿਹਾਲ ਥਾਂਦੇਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾਂ ਵਿੱਚ ਆਉਣ ਤੋਂ ਪਹਿਲਾਂ ਸਿੱਖਿਆ ਕ੍ਰਾਂਤੀ ਲਿਆਉਣ ਦੇ ਵਾਅਦੇ ਕੀਤੇ ਗਏ ਸਨ, ਪਰ ਇੱਕ ਵੀ ਐਲਾਨ ਪੂਰਾ ਨਹੀਂ ਹੋਇਆ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਨੀਤੀਆਂ ਨੂੰ ਪੰਜਾਬ ਉੱਪਰ ਥੋਪਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਵੱਲੋਂ ਅੱਠਵੀਂ ਤੱਕ ਦੇ ਸਕੂਲਾਂ ਨੂੰ ਹਾਈ ਸਕੂਲਾਂ ਵਿੱਚ ਰਲੇਵਾਂ ਕਰਨ ਦੀ ਗੱਲ ਕਹੀ ਗਈ ਹੈ ਜੋ ਇਸੇ ਨੀਤੀ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸਕੂਲਾਂ ਨੂੰ ਬੰਦ ਕਰ ਕੇ ਆਮ ਲੋਕਾਂ ਤੋਂ ਪੜ੍ਹਾਈ ਖੋਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੂੰ ਇਸ ਨੀਤੀ ਨੂੰ ਪੰਜਾਬ ਵਿਧਾਨ ਸਭਾ ਵਿਚ ਰੱਦ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੀ ਸਿੱਖਿਆ ਨੀਤੀ ਖੁਦ ਬਣਾਉਣੀ ਚਾਹੀਦੀ ਹੈ ਤੇ ਹਰਿਆਣਾ ਅਤੇ ਕਰਨਾਟਕ ਵਾਂਗ ਪੰਜਾਬ ਦੇ ਲੋਕਾਂ ਨੂੰ ਵੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣਾ ਚਾਹੀਦਾ ਹੈ। ਪੰਜਾਬ ਸਰਕਾਰ ਨੂੰ ਸੂਬਾ ਵਾਸੀਆਂ ਲਈ ਨੌਕਰੀਆਂ ਵਿੱਚ 90 ਫੀਸਦੀ ਰਾਖਵਾਂਕਰਨ ਲਈ ਕਾਨੂੰਨ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ|
ਅਮਨ ਅਰੋੜਾ ਵੱਲੋਂ ਮੰਗਾਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ
ਪੀਐੱਸਯੂ ਵੱਲੋਂ ਗਿੱਦੜਬਾਹਾ ਵਿੱਚ ‘ਆਪ’ ਉਮੀਦਵਾਰ ਦੇ ਦਫ਼ਤਰ ਅੱਗੇ ਲਾਏ ਧਰਨੇ ਦੌਰਾਨ ਧਰਨਾਕਾਰੀਆਂ ਨੇ ਸਰਕਾਰ ਪਾਸੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਤੋਂ ਬਾਅਦ ਧਰਨਾ ਚੁੱਕਣ ਦੀ ਚਿਤਾਵਨੀ ਦਿੱਤੇ ਜਾਣ ’ਤੇ ਪ੍ਰਸ਼ਾਸਨ ਵੱਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕਰਵਾਈ ਗਈ| ਇਸ ਦੌਰਾਨ ਉਨ੍ਹਾਂ ਜਥੇਬੰਦੀ ਦੇ ਵਫ਼ਦ ਨਾਲ ਗੱਲਬਾਤ ਕਰਨ ਤੋਂ ਬਾਅਦ ਭਰੋਸਾ ਦਿੱਤਾ ਕਿ ਉਹ ਜਥੇਬੰਦੀਆਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਪੂਰਾ ਕਰਨਗੇ|