ਟ੍ਰਿਬਿਊਨ ਨਿਉਜ਼ ਸਰਵਿਸ
ਚੰਡੀਗੜ੍ਹ, 7 ਨਵੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬੇ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਉਤੇ ਪੰਚਾਇਤੀ ਚੋਣ ਲੜਨ ਉਤੇ ਪਾਬੰਦੀ ਲਾਉਣ ਦਾ ਫੈਸਲਾ ਲਿਆ ਸੀ। ਸੂਬਾ ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਪਿੰਡਾਂ ਦੇ ਧੜੇਬੰਦੀ ਨਾਲ ਪੈਦਾ ਹੁੰਦੇ ਕੁੜੱਤਣ ਵਾਲੇ ਮਾਹੌਲ ਨੂੰ ਖਤਮ ਕਰਨਾ ਸੀ। ਪੰਚਾਇਤੀ ਚੋਣਾਂ ਮੌਕੇ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਜਿਸ ਨੂੰ ਹੁੰਗਾਰਾ ਦਿੰਦਿਆਂ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਅਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।