ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 9 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਗੋਇੰਦਵਾਲ ਸਾਹਿਬ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾਂ, ਤਹਿਸੀਲ ਖਡੂਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਗਿਆ ਹੈ ਕਿ ਭੁਪਿੰਦਰ ਸਿੰਘ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲੀਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਪੁਲੀਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।