ਲਖਨਊ, 12 ਨਵੰਬਰ
ਅਲਾਹਾਬਾਦ ਹਾਈ ਕੋਰਟ ਨੇ 2021 ਦੀ ਲਖੀਮਪੁਰ ਖੀਰੀ ਹਿੰਸਾ ਦੇ 12 ਮੁਲਜ਼ਮਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਇਸ ਹਿੰਸਾ ਵਿੱਚ ਘੱਟੋ-ਘੱਟ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਆਸ਼ੀਸ਼ ਇਸ ਮਾਮਲੇ ਦਾ ਮੁੱਖ ਮੁੁਲਜ਼ਮ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਇਸ ਸਾਲ ਦੇ ਸ਼ੁਰੂ ਵਿੱਚ ਪਹਿਲਾਂ ਹੀ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਮੁਲਜ਼ਮਾਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੀ ਮਨਜ਼ੂਰੀ ਦਿੰਦਿਆਂ ਮਾਮਲੇ ’ਚ ਸਹਿਯੋਗ ਕਰਨ ਲਈ ਕਿਹਾ। ਅਜਿਹਾ ਨਾ ਕਰਨ ’ਤੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ। ਅਦਾਲਤ ਨੇ 18 ਅਕਤੂਬਰ ਨੂੰ ਮਾਮਲੇ ਦੀ ਪੂਰੀ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਫ਼ੈਸਲਾ ਸੁਣਾਇਆ। -ਪੀਟੀਆਈ