ਪੱਤਰ ਪ੍ਰੇਰਕ
ਮਾਨਸਾ, 12 ਨਵੰਬਰ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਅਤੇ ਮੈਰੀਟੋਰੀਅਸ ਸਕੂਲ ਟੀਚਰਜ਼ ਯੂਨੀਅਨ ਵੱਲੋਂ ਗਿੱਦੜਬਾਹਾ ਵਿੱਚ 16 ਨਵੰਬਰ ਨੂੰ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਵੱਲੋਂ ਇਹ ਰੈਲੀ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ, ਪੁਰਾਣੀ ਪੈਨਸ਼ਨ ਬਹਾਲੀ ਲਈ, ਹਰ ਤਰ੍ਹਾਂ ਦੇ ਕੱਟੇ ਭੱਤਿਆਂ ਦੀ ਬਹਾਲੀ ਲਈ, ਡੀਏ, ਦੀਆਂ ਕਿਸ਼ਤਾਂ ਦੇ ਬਕਾਇਆ ਰਾਸ਼ੀ ਜਾਰੀ ਕਰਵਾਉਣ ਨੂੰ ਲੈਕੇ ਕੀਤੀ ਜਾਵੇਗੀ। ਡੀਟੀਐੱਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਸਿੱਖਿਆ ਖੇਤਰ ਸਮੇਤ ਸਾਰੇ ਖੇਤਰਾਂ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਾਬਿਲ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਮੈਰੀਟੋਰੀਅਸ ਅਧਿਆਪਕਾਂ ਨੂੰ ਉੱਚ ਤਾਲੀਮ ਯਾਫ਼ਤਾ ਹੋਣ ਅਤੇ ਭਰਤੀ ਪ੍ਰਕਿਰਿਆ ਦੀਆਂ ਤਮਾਮ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਠੇਕਾ ਸਿਸਟਮ ਅਧੀਨ ਘੱਟ ਤਨਖਾਹ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਡੀਟੀਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਕੀਤੀ।