ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):
ਬੀਐੱਸਐੱਫ ਨੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਸਰਹੱਦੀ ਖੇਤਰਾਂ ਵਿੱਚੋਂ ਲਗਪਗ ਸਾਢੇ 6 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੀ ਚੌਕਸੀ ਕਾਰਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਇਹ ਯਤਨ ਅਸਫ਼ਲ ਬਣਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਘੋਣੇਵਾਲ ਵਿੱਚੋਂ ਚਾਰ ਪੈਕੇਟ ਹੈਰੋਇਨ ਦੇ ਬਰਾਮਦ ਹੋਏ ਹਨ। ਇਹ ਪੈਕੇਟ ਪੀਲੀ ਟੇਪ ਨਾਲ ਲਪੇਟੇ ਹੋਏ ਸਨ ਅਤੇ ਇਸ ਵਿੱਚ ਲਗਪਗ ਦੋ ਕਿਲੋ 50 ਗ੍ਰਾਮ ਹੈਰੋਇਨ ਸੀ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਨਾਲ ਸਬੰਧਤ ਪਿੰਡ ਅਗਵਾਨ ਵਿੱਚੋਂ ਦੋ ਵੱਡੇ ਪੈਕੇਟ ਬਰਾਮਦ ਹੋਏ ਹਨ। ਇਨ੍ਹਾਂ ਪੈਕੇਟਾਂ ਵਿੱਚੋਂ ਲਗਪਗ ਚਾਰ ਕਿਲੋ 450 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਇਨ੍ਹਾਂ ਦੋਵਾਂ ਥਾਵਾਂ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਡਰੋਨ ਰਾਹੀਂ ਕੀਤੀ ਗਈ ਹੈ।