ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਅਤੇ ਝੋਨੇ ਹੇਠਲਾ ਰਕਬਾ ਘਟਾਉਣ ਤੇ ਵੱਖ-ਵੱਖ ਫ਼ਸਲਾਂ ਦੀ ਖੇਤੀ ਕਰ ਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲੀ ਵਿਭਿੰਨਤਾ ਨੂੰ ਅਪਣਾ ਕੇ ਜਿੱਥੇ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ’ਚੋਂ ਨਿਕਲ ਸਕਦੇ ਹਨ, ਉੱਥੇ ਕੇਂਦਰ ਸਰਕਾਰ ਵੱਲੋਂ ਖ਼ਰੀਦ ਵਿੱਚ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਰਾਹਤ ਪਾ ਸਕਣਗੇ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ’ਚੋਂ ਚੌਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ। ਸ੍ਰੀ ਸੰਧਵਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਆਰਗੈਨਿਕ ਖੇਤੀ ਦਾ ਬਦਲ ਵੀ ਮੌਜੂਦ ਹੈ, ਜਿਸ ਰਾਹੀਂ ਚੌਖਾ ਲਾਭ ਵੀ ਕਮਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਸਹਿਕਾਰੀ ਗਰੁੱਪ ਬਣਾ ਕੇ ਛੋਟੇ ਉਦਯੋਗ ਵੀ ਸਥਾਪਤ ਕਰ ਸਕਦੇ ਹਨ।