ਖੇਤਰੀ ਪ੍ਰਤੀਨਿਧ
ਬਰਨਾਲਾ, 14 ਨਵੰਬਰ
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੂਬਾ ਕਮੇਟੀ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਸਿੰਘ ਮੂਨਕ ਵੀ ਸ਼ਾਮਲ ਹੋਏ। ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਚਾਰੇ ਵਿਧਾਨ ਸਭਾ ਹਲਕਿਆਂ ’ਚ 20 ਨਵੰਬਰ ਨੂੰ ਹੋ ਰਹੀਆਂ ਚੋਣਾਂ ਮੌਕੇ ਵੋਟਾਂ ਮੰਗਣ ਆ ਰਹੀਆਂ ਹਾਕਮ ਜਮਾਤ ਪਾਰਟੀਆਂ ਵਿਸ਼ੇਸ਼ ਕਰਕੇ ਭਾਜਪਾ ਤੇ ‘ਆਪ’ ਦੇ ਨੁਮਾਇੰਦਿਆਂ ਨੂੰ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਬਾਰੇ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਰਚੂਨ ਦੁਕਾਨਾਂ ਤੱਕ ਹੱਥ ਪਰਚੇ ਵੀ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਜੇ ਮੰਡੀਆਂ ਵਿੱਚ ਦਿੱਕਤਾਂ ਆਈਆਂ ਤਾਂ ਅਨਾਜ ਮੰਡੀਆਂ ਵਿੱਚ ਮੌਕੇ ਦੇ ਅਧਿਕਾਰੀਆਂ ਤੋਂ ਲੈ ਕੇ ਇੰਸਪੈਕਟਰਾਂ ਦਾ ਘਿਰਾਓ ਕੀਤਾ ਜਾਵੇਗਾ।