ਹਤਿੰਦਰ ਮਹਿਤਾ
ਜਲੰਧਰ, 15 ਨਵੰਬਰ
ਗੁਰੂ ਨਾਨਕ ਦੇਵ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰ ਸੁਲਤਾਨਪੁਰ ਵਿਚ ਸਜਾਏ ਗਏ ਚੌਥੇ ਹਰੇ ਨਗਰ ਕੀਰਤਨ ਵਿੱਚ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਹ ਨਗਰ ਕੀਰਤਨ ਪਵਿੱਤਰ ਵੇਈਂ ਕਿਨਾਰੇ ਸਥਿਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਤੋਂ ਸ਼ੁਰੂ ਹੋਇਆ ਤੇ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵੇਈਂ ਕਿਨਾਰੇ ਹੁੰਦਾ ਹੋਇਆ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਆ ਕੇ ਸੰਪਨ ਹੋਇਆ। ਸ਼ਹਿਰ ਵਿੱਚੋਂ ਲੰਘਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੂਟਿਆਂ ਦਾ ਪ੍ਰਸ਼ਾਦ ਵੰਡਿਆ।
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਿਕਾਸ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ। ਸੁਲਤਾਨਪੁਰ ਲੋਧੀ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆ ਸੰਤ ਸੀਚੇਵਾਲ ਨੇ ਸੱਦਾ ਦਿੱਤਾ ਕਿ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਨੂੰ ਸੈਰ-ਸਪਾਟਾ ਹੱਬ ਵਜੋਂ ਉਭਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਲੇ-ਦੁਆਲੇ ਦੇ ਧਾਰਮਿਕ ਅਸਥਾਨਾਂ ਅਤੇ ਹਰੀਕੇ ਜਲਗਾਹ ਸਮੇਤ ਕਈ ਹੋਰ ਥਾਵਾਂ ਹਨ ਜਿਨ੍ਹਾਂ ਨੂੰ ਸੈਰ-ਸਪਾਟੇ ਦੇ ਪੱਖ ਤੋਂ ਉਭਾਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਦੇ ਵਿਕਾਸ ਨਾਲ ਇਸ ਖਿੱਤੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਗਤਕਾ ਕੋਚ ਗੁਰਵਿੰਦਰ ਕੌਰ ਦੀ ਅਗਵਾਈ ਵਿਚ ਖਿਡਾਰੀਆਂ ਨੇ ਗਤਕੇ ਦੇ ਜੌਹਰ ਦਿਖਾਏ।
ਮੰਤਰੀ ਕਟਾਰੂਚੱਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਨਤਮਸਤਕ
ਪਠਾਨਕੋਟ (ਐੱਨਪੀ ਧਵਨ): ਗੁਰੂ ਨਾਨਕ ਦੇਵ ਦੇ ਗੁਰਪੁਰਬ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਇਤਹਾਸਿਕ ਗੁਰਦੁਆਰਾ ਬਾਰਠ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਅਰਦਾਸ ਵਿੱਚ ਭਾਗ ਲਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੂਰੀ ਦੁਨੀਆ ਅੰਦਰ ਗੁਰੂ ਨਾਨਕ ਦੇਵ ਦਾ ਗੁਰਪੁਰਬ ਮਨਾਇਆ ਜਾ ਰਿਹਾ ਹੈ। ਗੁਰੂ ਜੀ ਵੱਲੋਂ ਲੋਕਾਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਕੇ ਛਕਣ ਦਾ ਜੋ ਸੰਦੇਸ਼ ਦਿੱਤਾ ਸੀ, ਉਹ ਹਰੇਕ ਇਨਸਾਨ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਨੇ ਆਪਣਾ ਜੀਵਨ ਮਾਨਵਤਾ ਦੇ ਲੇਖੇ ਲਗਾਇਆ ਹੈ, ਸਾਨੂੰ ਉਨ੍ਹਾਂ ਦੇ ਦਿੱਤੇ ਉਪਦੇਸ਼ਾਂ ਅਤੇ ਦਿਖਾਏ ਗਏ ਰਸਤੇ ’ਤੇ ਚੱਲਣਾ ਚਾਹੀਦਾ ਹੈ।