ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 15 ਨਵੰਬਰ
ਪਿੰਡ ਕੁੰਭੜਾ ਵਿੱਚ ਨਾਬਾਲਗ ਲੜਕੇ ਦੇ ਕਤਲ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਅੱਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ, ਜਦਕਿ ਹੋਰ ਮੁਲਜ਼ਮਾਂ ਦੀ ਪਛਾਣ ਅਮਨ ਅਤੇ ਆਕਾਸ਼ ਵਜੋਂ ਹੋਈ ਹੈ, ਜਿਨ੍ਹਾਂ ਦਾ ਪਤਾ ਵੀ ਪੁਲੀਸ ਨੂੰ ਮਿਲ ਗਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੀੜਤ ਪਰਿਵਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਦਮਨਪ੍ਰੀਤ ਸਿੰਘ ਦੀ ਲਾਸ਼ ਏਅਰਪੋਰਟ ਰੋਡ ’ਤੇ ਰੱਖ ਕੇ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਦੂਜੇ ਪਾਸੇ ਜ਼ਖ਼ਮੀ ਦਿਲਪ੍ਰੀਤ ਸਿੰਘ (16) ਦੀ ਹਾਲਤ ਨਾਜ਼ੁਕ ਹੈ। ਇਸੇ ਦੌਰਾਨ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ਐੱਸਐੱਸਪੀ ਦੀਪਕ ਪਾਰਿਕ ਵੀ ਧਰਨੇ ਵਾਲੀ ਥਾਂ ’ਤੇ ਪਹੁੰਚੇ। ਵਿਧਾਇਕ ਨੇ ਸਾਰੇ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੰਦੇ ਹੋਏ ਧਰਨਾ ਖ਼ਤਮ ਕਰਨ ਅਤੇ ਲਾਸ਼ ਦੇ ਸਸਕਾਰ ਦੀ ਅਪੀਲ ਕੀਤੀ।
ਪੀੜਤ ਪਰਿਵਾਰਾਂ ਦੇ ਧਰਨੇ ਤੋਂ ਸਿਆਸਤ ਵੀ ਭਖ ਗਈ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਧਰਨੇ ਵਿੱਚ ਪਹੁੰਚ ਕੇ ਸਰਕਾਰ ’ਤੇ ਸਵਾਲ ਚੁੱਕ ਰਹੇ ਹਨ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਤੇ ਜ਼ਖ਼ਮੀ ਨੌਜਵਾਨ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਕਰਵਾਇਆ ਜਾਵੇ। ਸ਼ਾਮ ਨੂੰ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਧਰਨੇ ਵਿੱਚ ਪਹੁੰਚੇ।
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦੋ ਦਿਨ ਬੀਤਣ ਦੇ ਬਾਵਜੂਦ ਪੁਲੀਸ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਦੇ ਸਕੀ। ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸਮਾਜ ਸੇਵੀ ਲੱਖਾ ਸਿਧਾਣਾ ਵੀ ਅੱਜ ਧਰਨੇ ਵਿੱਚ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜੋਕੀ ਲੀਡਰਸ਼ਿਪ ਪਰਵਾਸੀਆਂ ਦੀਆਂ ਵੋਟਾਂ ਲੈਣ ਲਈ ਪੰਜਾਬੀਆਂ ਨੂੰ ਭੁੱਲਦੀ ਨਜ਼ਰ ਆ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਮੁਹਾਲੀ ਧਰਨੇ ’ਚ ਪਹੁੰਚ ਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਆਉਣ ਅਤੇ ਪੰਜਾਬੀਆਂ ਦੇ ਹੱਕ ਵਿੱਚ ਖੜ੍ਹੇ ਹੋਣ।
ਵਿਧਾਇਕ ਵੱਲੋਂ ਨਾਜਾਇਜ਼ ਪੀਜੀਜ਼ ਦੀ ਜਾਂਚ ਦੇ ਹੁਕਮ
ਵਿਧਾਇਕ ਕੁਲਵੰਤ ਸਿੰਘ ਨੇ ਪੁਲੀਸ ਸਣੇ ਗਮਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਅਣਅਧਿਕਾਰਤ ਪੀਜੀਜ਼ ਦੀ ਜਾਂਚ ਕੀਤੀ ਜਾਵੇ ਅਤੇ ਪੀਜੀ ਵਿੱਚ ਰਹਿਣ ਵਾਲਿਆਂ ਦੀ ਪੁਲੀਸ ਵੈਰੀਫਿਕੇਸ਼ਨ ਯਕੀਨੀ ਬਣਾਈ ਜਾਵੇ। ਇਸ ਮੌਕੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਦੇ ਨਾਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਕਿਰਾਏਦਾਰਾਂ ਜਾਂ ਪੀਜੀ ਵਿੱਚ ਰਹਿੰਦੇ ਪਰਵਾਸੀਆਂ ਦੀ ਵੋਟਾਂ ਨਹੀਂ ਬਣਨੀਆਂ ਚਾਹੀਦੀ ਅਤੇ ਨਾ ਹੀ ਆਧਾਰ ਕਾਰਡ ’ਤੇ ਪਤਾ ਤਬਦੀਲ ਕੀਤਾ ਜਾਣਾ ਚਾਹੀਦਾ ਹੈ।