ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਨਵੰਬਰ
ਕਰੀਬ ਤਿੰਨ ਮਹੀਨਿਆਂ ਦੀ ਤਨਖਾਹ ਤੋਂ ਵਾਂਝੇ ਖੇਤੀਬਾੜੀ ਵਿਭਾਗ ਦੀ ਆਤਮਾ ਸਕੀਮ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਇਥੇ ਮੁੱਖ ਖੇਤੀਬਾੜੀ ਦਫ਼ਤਰ ਅੱਗੇ 18ਵੇਂ ਦਿਨ ਵੀ ਰੋਸ ਧਰਨਾ ਸਮਾਪਤ ਕਰ ਦਿੱਤਾ ਕਰਕੇ ਨਵੇਂ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ 18 ਨਵੰਬਰ ਤੋਂ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਮੁਹਾਲੀ ਸਥਿਤ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਰੋਸ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਆਤਮਾ ਸਟਾਫ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਮੁਹਾਲੀ ਵਿੱਚ ਡਾਇਰੈਕਟਰ ਦਫ਼ਤਰ ਅੱਗੇ ਬੇਮਿਆਦੀ ਰੋਸ ਧਰਨਾ ਜਾਰੀ ਰਹੇਗਾ।
18ਵੇਂ ਦਿਨ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਤਮਾ ਸਟਾਫ਼ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪੱਧਰ ’ਤੇ 25 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਅਤੇ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਮੰਗ ਪੱਤਰ ਦਿੱਤੇ ਗਏ ਹਨ ਅਤੇ ਤਨਖਾਹਾਂ ਨਾ ਮਿਲਣ ਕਾਰਨ ਰੋਸ ਪ੍ਰਗਟ ਕੀਤਾ ਗਿਆ ਸੀ। ਮੁਲਾਜ਼ਮਾਂ ਵਲੋਂ ਤੁਰੰਤ ਤਨਖਾਹਾਂ ਜਾਰੀ ਕਰਾਉਣ ਦੀ ਮੰਗ ਕੀਤੀ ਗਈ ਸੀ ਅਤੇ ਅਲਟੀਮੇਟਮ ਵੀ ਦਿੱਤਾ ਗਿਆ ਸੀ ਕਿ ਜੇਕਰ ਤਨਖਾਹਾਂ ਨਾ ਮਿਲੀਆਂ ਤਾਂ ਮੁੱਖ ਖੇਤੀਬਾੜੀ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਰੋਸ ਧਰਨਾ ਦਿੱਤਾ ਜਾਵੇਗਾ। ਇਸਦੇ ਬਾਵਜੂਦ ਵੀ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ 18 ਦਿਨਾਂ ਤੋਂ ਰੋਸ ਧਰਨਾ ਜਾਰੀ ਰਿਹਾ ਪਰੰਤੂ ਕੋਈ ਸੁਣਵਾਈ ਨਾ ਹੋਈ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ 18 ਨਵੰਬਰ ਤੋਂ ਮੁਹਾਲੀ ਸਥਿਤ ਖੇਤੀਬਾੜੀ ਵਿਭਾਗ ਪੰਜਾਬ ਦੇ ਡਾਇਰੈਕਟਰ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕੀਤਾ ਜਾਵੇਗਾ ਜਿਸ ਵਿਚ ਪੰਜਾਬ ਭਰ ਤੋਂ ਆਤਮਾ ਸਕੀਮ ਦੇ ਮੁਲਾਜਮ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਦੇ ਮਹਿੰਗਾਈ ਦੇ ਦੌਰ ਵਿਚ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਦੀ ਅਦਾਇਗੀ ਕਰਨ ਸਬੰਧੀ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੂੰ ਵੀ ਮੰਗ ਪੱਤਰ ਭੇਜਿਆ ਗਿਆ ਹੈ ਪਰੰਤੂ ਕੋਈ ਸੁਣਵਾਈ ਨਾ ਹੋਈ ਜਿਸ ਕਾਰਨ ਸੰਘਰਸ਼ ਨੂੰ ਜ਼ਿਲ੍ਹਾ ਪੱਧਰ ਤੋਂ ਸੂਬਾ ਪੱਧਰੀ ਰੂਪ ਦੇਣ ਲਈ ਮਜਬੂਰ ਹੋਣਾ ਪਿਆ ਹੈ।