ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਨਵੰਬਰ
ਚੰਡੀਗੜ੍ਹ ਲੰਬੜਦਾਰ ਯੂਨੀਅਨ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ ਦਸ ਏਕੜ ਜ਼ਮੀਨ ਦੇਣ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਜਿਸ ਨੂੰ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ। ਇਸ ਲਈ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵੱਖਰੀ ਜ਼ਮੀਨ ਦੇਣਾ ਪੰਜਾਬੀਆਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾਂਦਾ ਹੈ। ਸ੍ਰੀ ਬਡਹੇੜੀ ਨੇ ਕਿਹਾ ਕਿ ਕੇਂਦਰ ਹਰਿਆਣਾ ਨੂੰ ਉਸ ਦੇ ਸੂਬੇ ਅੰਦਰ ਰਾਜਧਾਨੀ ਬਣਾਉਣ ਲਈ ਮਦਦ ਕਰੇ ਅਤੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰ ਕੇ ਹਮੇਸ਼ਾ ਲਈ ਇਸ ਮਸਲੇ ਦਾ ਹੱਲ ਕੱਢਿਆ ਜਾਵੇ।