ਕਰਾਚੀ: ਪਾਕਿਸਤਾਨ ਦੇ ਗੜਬੜ ਵਾਲੇ ਪ੍ਰਾਂਤ ਬਲੋਚਿਸਤਾਨ ਵਿੱਚ ਸੁਰੱਖਿਆ ਚੈੱਕ ਪੋਸਟ ’ਤੇ ਹੋਏ ਜਾਨਲੇਵਾ ਹਮਲੇ ਵਿੱਚ ਸੁਰੱਖਿਆ ਮੁਲਾਜ਼ਮਾਂ ਸਣੇ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਅਤੇ 10 ਹੋਰਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਹੈ। ਇਸੇ ਦੌਰਾਨ ਬਲੋਚਿਸਤਾਨ ਦੇ ਵੱਖ-ਵੱਖ ਹਿੱਸਿਆਂ ਤੋਂ ਇੰਟਰਨੈੱਟ ਸੇਵਾਵਾਂ ਠੱਪ ਹੋਣ ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ। ਜੀਓ ਨਿਊਜ਼ ਚੈਨਲ ਦੀ ਖ਼ਬਰ ਮੁਤਾਬਕ ਬਲੋਚਿਸਤਾਨ ਪ੍ਰਾਂਤ ਦੇ ਕਲਾਤ ਜ਼ਿਲ੍ਹੇ ਵਿੱਚ ਹੋਏ ਹਮਲੇ ਵਿੱਚ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਪਾਬੰਦੀਸ਼ੁਦਾ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐੱਲਏ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਨਾ ਤਾਂ ਪ੍ਰਾਂਤ ਦੀ ਸਰਕਾਰ ਅਤੇ ਨਾ ਹੀ ਕਿਸੇ ਏਜੰਸੀ ਦੇ ਕਿਸੇ ਸੀਨੀਅਰ ਅਧਿਕਾਰੀ ਨੇ ਇਸ ਸਬੰਧੀ ਕੋਈ ਬਿਆਨ ਜਾਰੀ ਕੀਤਾ ਸੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਮਲੇ ਦੀ ਨਿਖੇਧੀ ਕੀਤੀ ਹੈ। -ਪੀਟੀਆਈ